Ludhiana: ਔਰਤ ਨੇ ਪ੍ਰੇਮੀ 'ਤੇ ਉਸਦੇ 2 ਸਾਥੀਆਂ ਨਾਲ ਮਿਲ ਕੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਨਹਿਰ ਕੰਢੇ ਸੁੱਟੀ ਲਾਸ਼ 

Ludhiana: ਜਾਂਚ ਦੌਰਾਨ ਮ੍ਰਿਤਕ ਦੇ ਸਿਰ ਅਤੇ ਚਿਹਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਕਈ ਨਿਸ਼ਾਨ ਮਿਲੇ ਹਨ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਾਸੀ ਪਿੰਡ ਕਿਲਾ ਰਾਏਪੁਰ ਵਜੋਂ ਹੋਈ ਹੈ। 

Share:

Ludhiana: ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿੱਚ ਔਰਤ ਨੇ ਆਪਣੇ ਪ੍ਰੇਮੀ ਅਤੇ ਉਸਦੇ ਦੋ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਫਿਰ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਪਿੰਡ ਖਾਨਪੁਰ ਨਹਿਰ ਦੇ ਕੰਢੇ ਸੁੱਟ ਦਿੱਤਾ। ਵਾਰਦਾਤ ਦਾ ਪਤਾ ਉਦੋਂ ਲੱਗਾ, ਜਦੋਂ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡੇਹਲੋਂ ਤੋਂ ਸੀਨੀਅਰ ਪੁਲਿਸ ਅਫਸਰ ਅਤੇ ਪੁਲਿਸ ਮੌਕੇ ’ਤੇ ਪਹੁੰਚੀ। 

ਜਾਂਚ ਦੌਰਾਨ ਮ੍ਰਿਤਕ ਦੇ ਸਿਰ ਅਤੇ ਚਿਹਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਕਈ ਨਿਸ਼ਾਨ ਮਿਲੇ ਹਨ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਾਸੀ ਪਿੰਡ ਕਿਲਾ ਰਾਏਪੁਰ ਵਜੋਂ ਹੋਈ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਹਰਜੀਤ ਸਿੰਘ ਦੇ ਭਰਾ ਬਲਵਿੰਦਰ ਸਿੰਘ ਉਰਫ ਨੰਨੂ ਦੀ ਸ਼ਿਕਾਇਤ 'ਤੇ ਮ੍ਰਿਤਕ ਦੀ ਪਤਨੀ ਹਰਵਿੰਦਰ ਕੌਰ ਉਰਫ ਮਨੀ, ਬੰਗਾਲ ਨਿਵਾਸੀ ਸਾਜਿਦ ਆਲਮ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦਾ ਪਤਾ ਲਾਉਣ ਵਿੱਚ ਲੱਗੀ ਹੋਈ ਹੈ।

ਹਰਜੀਤ ਨਾਲ ਭੱਠੇ ਤੇ ਕੰਮ ਕਰਦਾ ਸੀ ਮੁਲਜ਼ਮ

ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਹਰਜੀਤ ਸਿੰਘ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਮੁਲਜ਼ਮ ਸਾਜਿਦ ਆਲਮ ਮੂਲ ਰੂਪ ਤੋਂ ਬੰਗਾਲ ਦਾ ਰਹਿਣ ਵਾਲਾ ਹੈ, ਪਰ ਹਰਜੀਤ ਦੇ ਨਾਲ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ। ਉਨ੍ਹਾਂ ਨੇ ਪੰਜ ਸਾਲ ਇਕੱਠੇ ਕੰਮ ਕੀਤਾ। ਇਸ ਕਾਰਨ ਦੋਵੇਂ ਚੰਗੇ ਦੋਸਤ ਬਣ ਗਏ। ਹਰਜੀਤ ਨੇ ਮੁਲਜ਼ਮ ਸਾਜਿਦ ਆਲਮ ਨੂੰ ਆਪਣੇ ਘਰ ਰਹਿਣ ਲਈ ਜਗ੍ਹਾ ਦਿੱਤੀ। ਸਾਜਿਦ ਆਲਮ ਦੇ ਆਪਣੇ ਹੀ ਦੋਸਤ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਸਨ। ਇਸ ਬਾਰੇ ਹਰਜੀਤ ਨੂੰ ਪਤਾ ਲੱਗ ਗਿਆ ਸੀ। ਹੁਣ ਉਨ੍ਹਾਂ ਦੀ ਦੋਸਤੀ ਵਿੱਚ ਦਰਾਰ ਆ ਗਈ ਸੀ। ਹਰਵਿੰਦਰ ਕੌਰ ਨਾਲ ਹਰਜੀਤ ਦੇ ਸਬੰਧ ਵੀ ਚੰਗੇ ਨਹੀਂ ਸਨ। ਦੋਵਾਂ ਵਿਚਾਲੇ ਝਗੜਾ ਰਹਿੰਦਾ ਸੀ।

ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਪੁਲਿਸ

ਹਰਵਿੰਦਰ ਨੇ ਆਪਣੇ ਪ੍ਰੇਮੀ ਸਾਜਿਦ ਨਾਲ ਮਿਲ ਕੇ ਆਪਣੇ ਪਤੀ ਹਰਜੀਤ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਦੋਵਾਂ ਨੇ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਹਰਜੀਤ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਹਰਜੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲਾਸ਼ ਨੂੰ ਪਿੰਡ ਨੀਲੋ ਕਲਾਂ ਨੂੰ ਜਾਂਦੀ ਸੜਕ ’ਤੇ ਸਥਿਤ ਪਿੰਡ ਖਾਨਪੁਰ ਵਿੱਚ ਨਹਿਰ ਦੇ ਕੰਢੇ ਸੁੱਟ ਦਿੱਤਾ। ਡੇਹਲੋਂ ਥਾਣੇ ਦੇ ਇੰਸਪੈਕਟਰ ਰਵਿੰਦਰ ਕੁਮਾਰ ਅਨੁਸਾਰ ਮੁਲਜ਼ਮ ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਤੋਂ ਫਰਾਰ ਹਨ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ

Tags :