ਸਿਆਸਤ 'ਚ ਕਲੀਨ ਬੋਲਡ ਹੋਏ ਇਮਰਾਨ ਖਾਨ

ਪਾਕਿਸਤਾਨੀ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਹੁਣ ਇਮਰਾਨ ਆਮ ਚੋਣਾਂ ਨਹੀਂ ਲੜ ਸਕਣਗੇ। ਇੱਕ ਤਰ੍ਹਾਂ ਨਾਲ ਉਹਨਾਂ ਦਾ ਸਿਆਸੀ ਕਰੀਅਰ ਵੀ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ। 

Share:

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਿਆ।  ਚੋਣ ਕਮਿਸ਼ਨ ਨੇ ਪਾਕਿਸਤਾਨ 'ਚ 2024 'ਚ ਹੋਣ ਵਾਲੀਆਂ ਆਮ ਚੋਣਾਂ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਾਮਜ਼ਦਗੀ ਨੂੰ ਖ਼ਾਰਜ ਕਰ ਦਿੱਤਾ। ਦੱਸ ਦਈਏ ਕਿ ਪਾਕਿਸਤਾਨ 'ਚ 8 ਫਰਵਰੀ ਨੂੰ ਚੋਣਾਂ ਹੋਣੀਆਂ ਹਨ ਅਤੇ ਇਸਤੋਂ ਪਹਿਲਾਂ ਇਮਰਾਨ ਖ਼ਾਨ ਦੀ ਨਾਮਜ਼ਦਗੀ ਰੱਦ ਹੋਣੀ ਉਨ੍ਹਾਂ ਲਈ ਵੱਡਾ ਝਟਕਾ ਹੈ। ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋ ਚੋਣ ਹਲਕਿਆਂ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਸਨ। ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪਾਕਿਸਤਾਨ ਚੋਣ ਕਮਿਸ਼ਨ ਨੇ ਦੋਵੇਂ ਚੋਣ ਹਲਕਿਆਂ ਤੋਂ ਦਰਜ ਨਾਮਜ਼ਦਗੀਆਂ ਨੂੰ ਖ਼ਾਰਜ ਕਰ ਦਿੱਤਾ। ਵਰਨਣਯੋਗ ਹੈ ਕਿ ਕ੍ਰਿਕਟਰ ਤੋਂ ਰਾਜਨੇਤਾ ਬਣੇ 71 ਸਾਲਾ ਇਮਾਰਨ ਖਾਨ ਅਪ੍ਰੈਲ 2022 'ਚ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਏ ਗਏ ਸਨ। ਉਸਤੋਂ ਬਾਅਦ ਹੀ ਉਹ ਸਿਆਸੀ ਅਤੇ ਕਾਨੂੰਨੀ ਲੜਾਈ 'ਚ ਉਲਝੇ ਹੋਏ ਹਨ। ਉਹ ਵਾਰ-ਵਾਰ ਦੋਸ਼ ਲਾਉਂਦੇ ਆ ਰਹੇ ਹਨ ਕਿ ਪਾਕਿਸਤਾਨ ਦੀ ਵਰਤਮਾਨ ਸਰਕਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ।

ਅਦਾਲਤ ਨੇ ਚੋਣ ਲੜਨ ਲਈ ਅਯੋਗ ਐਲਾਨਿਆ 

ਇਮਰਾਨ 'ਤੇ ਦੋਸ਼ ਹੈ ਕਿ ਉਨ੍ਹਾਂ ਨੇ 2018 ਤੋਂ 2022 ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿੰਦੇ ਹੋਏ ਨਾਜਾਇਜ਼ ਤੌਰ 'ਤੇ ਸਰਕਾਰੀ ਤੋਹਫਿਆਂ ਨੂੰ ਵੇਚਿਆ। ਇਸ ਮਾਮਲੇ 'ਚ ਉਨ੍ਹਾਂ ਨੂੰ ਅਗਸਤ 'ਚ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਇਸਤੋਂ ਪਹਿਲਾਂ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੀ ਸਜ਼ਾ ਕਾਰਨ ਚੋਣ ਲੜਨ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਇਸਦੇ ਬਾਵਜ਼ੂਦ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਸਨ, ਜਿਸਨੂੰ ਚੋਣ ਕਮਿਸ਼ਨ ਨੇ ਅੱਜ ਰੱਦ ਕਰ ਦਿੱਤਾ। ਪਾਕਿਸਤਾਨ ਚੋਣ ਕਮਿਸ਼ਨ ਨੇ ਅਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕਰਦੇ ਹੋਏ ਕਿਹਾ ਕਿ ਇਮਰਾਨ ਖਾਨ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਹੈ। ਕਿਉਂਕਿ ਉਹ ਚੋਣ ਹਲਕੇ ਦੇ ਰਜਿਸਟਰਡ ਵੋਟਰ ਨਹੀਂ ਸਨ। ਨਾਲ ਹੀ ਅਦਾਲਤ ਵੱਲੋਂ ਉਨ੍ਹਾਂ ਨੂੰ ਚੋਣ ਲੜਨ ਤੋਂ ਅਯੋਗ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ