ਭਾਰਤ ਲਿਆਂਦਾ ਜਾਵੇਗਾ ਮੁੰਬਈ ਹਮਲਿਆਂ ਦਾ ਮਾਸਟਰਮਾਈਂਡ ਹਾਫਿਜ਼ ਸਈਦ !

ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਅੱਤਵਾਦੀ ਸਈਦ ਦੀ ਹਵਾਲਗੀ ਕਰਨ ਲਈ ਅਧਿਕਾਰਤ ਤੌਰ 'ਤੇ ਮੰਗ ਕੀਤੀ ਹੈ। ਸਈਦ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਅਮਰੀਕਾ ਨੇ ਉਸ ‘ਤੇ 10 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਹੈ। 

Share:

ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਭਾਰਤ ਲਿਆ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕਦੀ ਹੈ। ਇਸਨੂੰ ਲੈ ਕੇ ਭਾਰਤ ਨੇ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਤੋਂ ਅੱਤਵਾਦੀ ਹਾਫਿਜ਼ ਸਈਦ ਦੀ ਹਵਾਲਗੀ ਦੀ ਮੰਗ ਕੀਤੀ ਹੈ। ਭਾਰਤ ਸਰਕਾਰ ਨੇ ਹਾਫਿਜ਼ ਸਈਦ ਨੂੰ ਰਾਸ਼ਟਰੀ ਜਾਂਚ ਏਜੰਸੀਆਂ (ਐਨਆਈਏ) ਦੁਆਰਾ ਦਰਜ ਕੀਤੇ ਗਏ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮੇ ਲਈ ਭਾਰਤ ਹਵਾਲੇ ਕਰਨ ਦੀ ਬੇਨਤੀ ਕੀਤੀ ਹੈ। ਦਸਤਾਵੇਜ਼ ‘ਚ ਹਾਫਿਜ਼ ਸਈਦ ਨੂੰ ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਅਤੇ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਸਮੇਤ ਕਈ ਮਾਮਲਿਆਂ ‘ਚ ਐਨਆਈਏ ਨੇ ਦੋਸ਼ੀ ਦੇ ਰੂਪ ‘ਚ ਨਾਮਜ਼ਦ ਕੀਤਾ ਹੈ। ਹਾਫਿਜ਼ ਸਈਦ ਕਸ਼ਮੀਰ ਘਾਟੀ ਵਿੱਚ ਭਾਰਤ ਵਿਰੋਧੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਰਿਹਾ ਹੈ। ਫਿਲਹਾਲ ਪਾਕਿਸਤਾਨ ਦਾ ਕੋਈ ਜਵਾਬ ਨਹੀਂ ਆਇਆ ਹੈ। ਭਾਰਤ ਵੱਲੋਂ ਦੂਜੇ ਪਾਸੇ ਤੋਂ ਜਵਾਬ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। 
 
ਪਾਕਿਸਤਾਨ ਦੀ ਸੱਤਾ ਹਾਸਿਲ ਕਰਨ ਦੀ ਕੋਸ਼ਿਸ਼ 
 
ਦੱਸ ਦਈਏ ਕਿ ਅੱਤਵਾਦੀ ਹਾਫਿਜ਼ ਸਈਦ ਦੇ ਨਵੇਂ ਸਿਆਸੀ ਫਰੰਟ ਨੇ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਪਾਕਿਸਤਾਨ  ਦੇ ਜ਼ਿਆਦਾਤਰ ਰਾਸ਼ਟਰੀ ਅਤੇ ਸੂਬਾਈ ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਲਸ਼ਕਰ-ਏ-ਤੋਇਬਾ ਦਾ ਸੰਸਥਾਪਕ ਅੱਤਵਾਦੀ ਹਾਫਿਜ਼ ਸਈਦ ਅੱਤਵਾਦੀ ਵਿੱਤ ਮਾਮਲਿਆਂ ਵਿੱਚ ਕਈ ਸਾਲਾਂ ਤੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2019 ਤੋਂ ਜੇਲ੍ਹ ਵਿੱਚ ਹੈ। ਉਸਦਾ ਨਾਂਅ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ।  ਮੁੰਬਈ ਹਮਲਿਆਂ ਵਿੱਚ ਉਸਦੀ ਕਥਿਤ ਸ਼ਮੂਲੀਅਤ ਲਈ ਅਮਰੀਕਾ ਨੇ ਉਸ ‘ਤੇ 10 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਹੈ। ਹਾਫਿਜ਼ ਸਈਦ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ 2017 ਵਿੱਚ ਹਿਰਾਸਤ ਵਿੱਚ ਲਿਆ ਸੀ ਅਤੇ ਬਾਅਦ ਵਿੱਚ ਉਸ ਦੇ ਵਿਰੁੱਧ ਦੋਸ਼ਾਂ ਨੂੰ ਸਾਫ਼ ਕੀਤੇ ਜਾਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ, ਜਿਸ ਦੀ ਵਾਸ਼ਿੰਗਟਨ ਅਤੇ ਨਵੀਂ ਦਿੱਲੀ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਸੀ।

ਇਹ ਵੀ ਪੜ੍ਹੋ