ਨਨਕਾਣਾ ਸਾਹਿਬ ਗਏ ਸਿੱਖ ਪਰਿਵਾਰ ਨੂੰ ਲੁੱਟਿਆ

ਬੰਦੂਕ ਦੀ ਨੋਕ 'ਤੇ ਲੱਖਾਂ ਦੀ ਨਕਦੀ ਤੇ ਗਹਿਣੇ ਖੋਹ ਲਏ। ਘਟਨਾ ਮਗਰੋਂ ਸੁਰੱਖਿਆ ਨੂੰ ਲੈ ਕੇ ਸਵਾਲ ਉੱਠੇ। ਮੁੱਖ ਮੰਤਰੀ ਨੇ ਪੁਲਿਸ ਮੁਖੀ ਤੋਂ ਰਿਪੋਰਟ ਮੰਗ ਲਈ।

Share:

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ 'ਚ ਪੁਲਿਸ ਦੀ ਵਰਦੀ ਪਾਏ ਲੁਟੇਰਿਆਂ ਵੱਲੋਂ ਇੱਕ ਭਾਰਤੀ ਸਿੱਖ ਪਰਿਵਾਰ ਨੂੰ ਲੁੱਟ ਲਿਆ ਗਿਆ। ਜਦੋਂ ਕੰਵਲਜੀਤ ਸਿੰਘ ਅਤੇ ਉਸਦਾ ਪਰਿਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ  ਗੁਰਦੁਆਰਾ ਨਨਕਾਣਾ ਸਾਹਿਬ ਤੋਂ ਪਰਤ ਰਿਹਾ ਸੀ, ਉਸ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।  ਪਰਿਵਾਰ ਗੁਰਦੁਆਰਾ ਸਾਹਿਬ ਤੋਂ ਵਾਪਸੀ ਦੌਰਾਨ ਖਰੀਦਦਾਰੀ ਕਰਨ ਲਈ ਲਾਹੌਰ ਦੇ ਗੁਲਬਰਗ ਇਲਾਕੇ ਦੀ ਲਿਬਰਟੀ ਮਾਰਕੀਟ ਗਿਆ। ਪੁਲਿਸ ਵਰਦੀ ਪਾਈ ਲੁਟੇਰਿਆਂ ਨੇ ਸਿੱਖ ਪਰਿਵਾਰ ਨੂੰ ਰੋਕਿਆ ਅਤੇ ਬੰਦੂਕ ਦੀ ਨੋਕ 'ਤੇ ਨਕਦੀ ਅਤੇ ਗਹਿਣੇ ਲੁੱਟ ਲਏ।  2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟੇ ਗਏ

ਮੁੱਖ ਮੰਤਰੀ ਨੇ ਮੰਗੀ ਰਿਪੋਰਟ 

ਘਟਨਾ ਮਗਰੋਂ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਨਾਲ ਹੀ ਪੀੜਤ ਪਰਿਵਾਰ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਤੁਰੰਤ ਲਾਹੌਰ ਪੁਲਿਸ ਮੁਖੀ ਤੋਂ ਰਿਪੋਰਟ ਮੰਗੀ।

48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਨ ਦੇ ਨਿਰਦੇਸ਼

ਨਕਵੀ ਨੇ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਸ਼ੱਕੀਆਂ ਦੀ ਤੁਰੰਤ ਪਛਾਣ ਕਰਨ 'ਤੇ ਜ਼ੋਰ ਦਿੰਦੇ ਹੋਏ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਘਟਨਾ ਨੂੰ ਸੁਰੱਖਿਆ ਪੱਖੋਂ ਗੰਭੀਰ ਕਮੀ ਦੱਸਦਿਆਂ 48 ਘੰਟਿਆਂ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਦੀ ਮੰਗ ਕੀਤੀ ਗਈ। ਇਸ ਮਾਮਲੇ ਬਾਰੇ ਨਕਵੀ ਨੇ ਕਿਹਾ ਹੈ ਕਿ ਇਹ ਲਾਪਰਵਾਹੀ ਦਾ ਮਾਮਲਾ ਹੈ। ਅਜਿਹੀ ਸਥਿਤੀ ਵਿੱਚ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਤੋਂ ਹਜ਼ਾਰਾਂ ਸਿੱਖ ਪਾਕਿਸਤਾਨ ਦੇ ਦੌਰੇ 'ਤੇ ਹਨ।

ਇਹ ਵੀ ਪੜ੍ਹੋ