ਇੰਟਰਨੈਸ਼ਨਲ ਨਿਊਜ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸੇ ਸਮੇਂ ਦੇ ਮਸ਼ਹੂਰ ਕ੍ਰਿਕਟਰ ਇਮਰਾਨ ਖਾਨ ਇਨ੍ਹੀਂ ਦਿਨੀਂ ਜੇਲ 'ਚ ਹਨ। ਦੂਜੇ ਪਾਸੇ ਪਾਕਿਸਤਾਨ ਲਗਾਤਾਰ ਸਿਆਸੀ ਅਸਥਿਰਤਾ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਇਸ ਸਭ ਦੇ ਵਿਚਕਾਰ ਇਮਰਾਨ ਖਾਨ ਨੂੰ ਜੇਲ੍ਹ ਵਿੱਚ ਰੱਖਣ ਲਈ ਬਹੁਤ ਸਾਰਾ ਪੈਸਾ ਖਰਚ ਕੀਤਾ ਜਾ ਰਿਹਾ ਹੈ। ਪਾਕਿਸਤਾਨ ਦੀ ਮੌਜੂਦਾ ਸਰਕਾਰ ਹਰ ਰੋਜ਼ ਵੱਡੀ ਰਕਮ ਖਰਚ ਕਰ ਰਹੀ ਹੈ। ਇੰਨਾ ਹੀ ਨਹੀਂ ਪਾਕਿਸਤਾਨ 'ਚ ਇਮਰਾਨ ਖਾਨ ਨੂੰ ਮਿਲੇ ਸਮਰਥਨ ਨੂੰ ਦੇਖਦੇ ਹੋਏ ਜੇਲ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਹਾਲ ਹੀ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਅਡਿਆਲਾ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੂੰ ਇੱਕ ਨਹੀਂ ਸਗੋਂ ਸੱਤ ਸੈੱਲ ਅਲਾਟ ਕੀਤੇ ਗਏ ਹਨ। ਲਾਹੌਰ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਮਰਾਨ ਖਾਨ ਨੂੰ ਜੇਲ੍ਹ ਵਿੱਚ ਪੂਰੀ ਸੁਰੱਖਿਆ ਦਿੱਤੀ ਜਾ ਰਹੀ ਹੈ। ਦਰਅਸਲ ਇਮਰਾਨ ਖਾਨ ਦੀ ਪਾਰਟੀ ਦੇ ਇੱਕ ਨੇਤਾ ਅਫਜ਼ਲ ਅਜ਼ੀਮ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਇਮਰਾਨ ਖਾਨ ਦੀ ਜਾਨ ਨੂੰ ਖਤਰਾ ਹੈ।
ਕਿੰਨਾ ਹੋ ਰਿਹਾ ਖਰਚਾ ?
ਹੁਣ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਮਰਾਨ ਖਾਨ ਨੂੰ ਅਡਿਆਲਾ ਜੇਲ੍ਹ ਵਿੱਚ ਬੰਦ ਹੋਰ ਕੈਦੀਆਂ ਨਾਲੋਂ ਵੱਧ ਸੁਰੱਖਿਆ ਦਿੱਤੀ ਜਾ ਰਹੀ ਹੈ। ਜਿੱਥੇ ਹਰ 10 ਕੈਦੀਆਂ ਪਿੱਛੇ ਸਿਰਫ਼ ਇੱਕ ਸਿਪਾਹੀ ਤਾਇਨਾਤ ਹੈ, ਉੱਥੇ ਸਿਰਫ਼ ਇਮਰਾਨ ਖ਼ਾਨ ਦੀ ਸੁਰੱਖਿਆ ਲਈ 14 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇੰਨਾ ਹੀ ਨਹੀਂ ਇਮਰਾਨ ਖਾਨ ਦੀਆਂ ਕੋਠੜੀਆਂ 'ਚ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨ੍ਹਾਂ ਲਈ ਵੱਖਰੇ ਤੌਰ 'ਤੇ ਖਾਣਾ ਬਣਾਉਣ ਲਈ ਇਕ ਵਿਸ਼ੇਸ਼ ਰਸੋਈ ਵੀ ਹੈ।
ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਹਰ ਮਹੀਨੇ 12 ਲੱਖ ਰੁਪਏ ਦਾ ਵਾਧੂ ਖਰਚਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸੁਰੱਖਿਆ ਕਾਰਨਾਂ ਨੂੰ ਧਿਆਨ 'ਚ ਰੱਖਦੇ ਹੋਏ ਇਮਰਾਨ ਖਾਨ ਨੂੰ ਮਿਲਣ 'ਤੇ ਪਾਬੰਦੀ ਲਗਾਈ ਗਈ ਹੈ। ਇਮਰਾਨ ਖਾਨ ਨੂੰ ਪਿਛਲੇ ਸਾਲ ਅਗਸਤ 'ਚ ਭ੍ਰਿਸ਼ਟਾਚਾਰ ਦੇ ਕਈ ਮਾਮਲਿਆਂ 'ਚ ਗ੍ਰਿਫਤਾਰ ਕੀਤਾ ਗਿਆ ਸੀ।