ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਲਈ ਹਿਮਾਚਲ ਸਰਕਾਰ ਨਾਲ ਗੱਲ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰਾਜੈਕਟ ਸਿਰੇ ਨਹੀਂ ਚੜ੍ਹ ਸਕਿਆ।

Courtesy: ਗੱਲਬਾਤ ਕਰਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਅਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿਤਾਂ ਲਈ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇਕ ਸਾਂਝਾ ਐਕਸ਼ਨ ਗਰੁੱਪ ਬਣਾਉਣ।

ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ 

ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰਾਜੈਕਟ ਸਿਰੇ ਨਹੀਂ ਚੜ੍ਹ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਸ੍ਰੀ ਆਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ’ਚ ਸ੍ਰੀ ਨੈਣਾ ਦੇਵੀ, ਦੁਨੀਆ ਭਰ ਦੇ ਸ਼ਰਧਾਲੂਆਂ ਦੁਆਰਾ ਜਾਣ ਵਾਲੇ ਪ੍ਰਸਿੱਧ ਤੀਰਥ ਸਥਾਨ ਹਨ ਅਤੇ ਇਹ ਰੋਪਵੇਅ ਸ਼ਰਧਾਲੂਆਂ ਨੂੰ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਇਨ੍ਹਾਂ ਦੋਵਾਂ ਧਾਰਮਕ ਸਥਾਨਾਂ ਦੇ ਦਰਸ਼ਨ ਕਰਨ ਦੀ ਸੁਖਾਲੀ ਸਹੂਲਤ ਪ੍ਰਦਾਨ ਕਰੇਗਾ।

ਨਸ਼ਿਆਂ ਖਿਲਾਫ ਮਾਂ ਦਾ ਆਸ਼ੀਰਵਾਦ 

ਇਸ ਦੌਰਾਨ ਨਵਰਾਤਿਆਂ ਦੇ ਚੱਲ ਰਹੇ ਤਿਉਹਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਮਾਤਾ ਨੈਣਾ ਦੇਵੀ ਜੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਲੋਕਾਂ ਨੂੰ ਨਵਰਾਤਿਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਰਾਤਿਆਂ ਦਾ ਤਿਉਹਾਰ ਮਾਤਾ ਦੁਰਗਾ ਦੇਵੀ ਦੀ ਦੈਂਤਾਂ ਉੱਤੇ ਜਿੱਤ ਦਾ ਪ੍ਰਤੀਕ ਹੈ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ’ਤੇ ਪੰਜਾਬ ’ਚੋਂ ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਮਾਂ ਦੁਰਗਾ ਦਾ ਆਸ਼ੀਰਵਾਦ ਲੈਣ ਆਏ ਹਨ। ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਣ। ਉਨ੍ਹਾਂ ਨੇ ਮਾਤਾ ਰਾਣੀ ਤੋਂ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦ-ਭਾਵ ਤੋਂ ਉੱਤੇ ਉੱਠ ਕੇ  ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਆਸ਼ੀਰਵਾਦ ਮੰਗਿਆ ਤਾਂ ਜੋ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਹਰ ਹੀਲੇ ਬਰਕਰਾਰ ਰੱਖਣਾ, ਉਨ੍ਹਾਂ ਦੀ ਸਰਕਾਰ ਦੀ ਤਰਜੀਹ ਰਹੇਗੀ।

ਇਹ ਵੀ ਪੜ੍ਹੋ