ਦਿੱਲੀ ਸ਼ਰਾਬ ਘੁਟਾਲਾ - ਹਾਲੇ ਜੇਲ੍ਹ ਅੰਦਰ ਹੀ ਰਹਿਣਗੇ ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ 

ਅਦਾਲਤ ਨੇ ਦੋਵਾਂ ਨੂੰ 20 ਜਨਵਰੀ ਤੱਕ ਨਿਆਂਇਕ ਹਿਰਾਸਤ ਭੇਜਿਆ। ਇਹਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ 10 ਜਨਵਰੀ ਨੂੰ ਖਤਮ ਹੋ ਰਹੀ ਸੀ, ਜਿਸਨੂੰ ਵਧਾ ਦਿੱਤਾ ਗਿਆ ਹੈ।

Share:

ਹਾਈਲਾਈਟਸ

  • ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ 10 ਜਨਵਰੀ ਨੂੰ ਖਤਮ ਹੋ ਰਹੀ ਸੀ
  • ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗ ਚੁੱਕਾ ਹੈ।

ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਵਾਂ ਨੂੰ 20 ਜਨਵਰੀ ਤੱਕ ਨਿਆਂਇਕ ਹਿਰਾਸਤ ਭੇਜਿਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ 10 ਜਨਵਰੀ ਨੂੰ ਖਤਮ ਹੋ ਰਹੀ ਸੀ, ਜਿਸਨੂੰ ਵਧਾ ਦਿੱਤਾ ਗਿਆ ਹੈ।


4 ਅਕਤੂਬਰ ਨੂੰ ਗ੍ਰਿਫਤਾਰ ਹੋਏ ਸੀ ਸੰਜੇ ਸਿੰਘ 
'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਇਸ ਸਮੇਂ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ ਹਨ। ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 4 ਅਕਤੂਬਰ 2023 ਨੂੰ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਦੋਸ਼ ਲਗਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਖਤਮ ਹੋ ਚੁੱਕੀ ਆਬਕਾਰੀ ਡਿਊਟੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਜਿਸ ਨਾਲ ਕੁੱਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਵਿੱਤੀ ਲਾਭ ਹੋਇਆ।


ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਦਿੱਤਾ ਸੀ ਝਟਕਾ 

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗ ਚੁੱਕਾ ਹੈ। ਇਸ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਸਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।

ਸਾਥੀ ਨੂੰ ਮਿਲੀ ਰਾਹਤ, ਅੰਤਰਿਮ ਜ਼ਮਾਨਤ ਮਿਲੀ 

ਉਥੇ ਹੀ ਅਦਾਲਤ ਨੇ ਸਰਵੇਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ, ਜੋਕਿ ਇਸੇ ਮਾਮਲੇ ਵਿੱਚ ਸਹਿ-ਮੁਲਜ਼ਮ ਹੈ। ਅਦਾਲਤ ਨੇ ਸਰਵੇਸ਼ ਮਿਸ਼ਰਾ ਨੂੰ ਪੱਕੀ ਜ਼ਮਾਨਤ ਲੈਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸਰਵੇਸ਼ ਮਿਸ਼ਰਾ ਆਪਣੇ ਪਿਤਾ ਦੀ ਬਿਮਾਰੀ ਕਾਰਨ ਅਦਾਲਤ 'ਚ ਪੇਸ਼ ਨਹੀਂ ਹੋਏ ਸਨ। ਮਿਸ਼ਰਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸਦੇ ਪਿਤਾ ਦਾ ਬੋਨ ਮੈਰੋ ਟ੍ਰਾਂਸਪਲਾਂਟ ਕਰਾਉਣਾ ਹੈ ਅਤੇ ਉਹ ਗੁਰੂਗ੍ਰਾਮ ਦੇ ਇੱਕ ਹਸਪਤਾਲ 'ਚ ਦਾਖਲ ਹਨ। ਸਰਵੇਸ਼ ਮਿਸ਼ਰਾ ਦੀ ਇਸ ਦਲੀਲ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਉਸਨੂੰ ਅੰਤਰਿਮ ਜ਼ਮਾਨਤ ਦੇ ਨਾਲ-ਨਾਲ ਪੱਕੀ ਜ਼ਮਾਨਤ ਲੈਣ ਲਈ ਕਿਹਾ ਹੈ।

ਇਹ ਵੀ ਪੜ੍ਹੋ