ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਦੀਆਂ ਮੁਸੀਬਤਾਂ ਬਰਕਰਾਰ, ਨਿਆਇਕ ਹਿਰਾਸਤ 21 ਦਿਨ ਵਧੀ

ਵਕੀਲਾਂ ਨਾਲ ਨਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 207 ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਲਦੀ ਤੋਂ ਜਲਦੀ ਸੁਣਵਾਈ ਸ਼ੁਰੂ ਕੀਤੀ ਜਾ ਸਕੇ।

Share:

ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਈਡੀ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ 'ਤੇ ਮੰਗਲਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਜਾਂਚ ਏਜੰਸੀ ਨੂੰ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਈਡੀ ਨੇ ਅਜੇ ਮੁਲਜ਼ਮਾਂ ਨੂੰ ਕੁਝ ਦਸਤਾਵੇਜ਼ ਪੇਸ਼ ਕਰਨੇ ਹਨ। ਇਸ ਦੇ ਲਈ ਅਦਾਲਤ ਨੇ ਈਡੀ ਨੂੰ 24 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। 


ਮਨੀ ਲਾਂਡਰਿੰਗ ਦੇ ਵੀ ਆਰੋਪ

'ਆਪ' ਨੇਤਾ ਸਿਸੋਦੀਆ 'ਤੇ ਦਿੱਲੀ ਦੀ ਸ਼ਰਾਬ ਨੀਤੀ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਆਰੋਪ ਹਨ। ਸਿਸੋਦੀਆ ਨੂੰ ਇਸ ਸਾਲ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 269 ​​ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਿਸੋਦੀਆ ਨੇ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਹਨ। ਪਰ ਅਦਾਲਤਾਂ ਨੇ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ।


11 ਨਵੰਬਰ ਨੂੰ ਗਏ ਸਨ ਘਰ

 

ਜ਼ਿਕਰਯੋਗ ਹੈ ਕਿ ਅਦਾਲਤ ਨੇ ਪਤਨੀ ਨੂੰ ਮਿਲਣ ਲਈ ਸਿਸੋਦਿਆ ਨੂੰ 11 ਨਵੰਬਰ ਨੂੰ 6 ਘੰਟੇ ਦਾ ਸਮਾਂ ਦਿੱਤਾ ਸੀ। ਉਹ ਉਸ ਦਿਨ ਸਵੇਰੇ 10 ਵਜੇ ਘਰ ਪਹੁੰਚੇ ਸਨ। ਇਸ ਤੋਂ ਬਾਅਦ ਉਹ ਮੁੜ ਤਿਹਾੜ ਜੇਲ੍ਹ ਪਹੁੰਚ ਗਏ ਸਨ। ਅਦਾਲਤ ਨੇ ਉਨ੍ਹਾਂ ਨੂੰ ਸ਼ਾਮ 4 ਵਜੇ ਤੱਕ ਯਾਨੀ ਕੁੱਲ 6 ਘੰਟੇ ਦਾ ਸਮਾਂ ਦਿੱਤਾ ਸੀ। ਸਿਸੋਦੀਆ ਨੇ 9 ਨਵੰਬਰ ਨੂੰ ਰਾਉਸ ਐਵੇਨਿਊ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ 5 ਦਿਨਾਂ ਦਾ ਸਮਾਂ ਮੰਗਿਆ ਸੀ। ਅਦਾਲਤ ਨੇ ਉਸ ਨੂੰ ਆਪਣੀ ਪਤਨੀ ਸੀਮਾ ਨੂੰ ਸਿਰਫ਼ ਇੱਕ ਦਿਨ ਲਈ ਮਿਲਣ ਦੀ ਇਜਾਜ਼ਤ ਦਿੱਤੀ ਸੀ। 
 

ਇਹ ਵੀ ਪੜ੍ਹੋ