ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ SGPC ਦਾ ਮਿਲਿਆ ਥਾਪੜਾ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਸਿਰਫ 10 ਜਣੇ ਹੀ ਅਕਾਲੀ ਦਲ ਨੂੰ ਡੋਬਣ ’ਤੇ ਲੱਗੇ ਹਨ ਜਿਸ ਵਿਚੋਂ 2 ਦਿੱਲੀ ਦੇ ਹਨ ਤੇ 8 ਪੰਜਾਬ ਦੇ ਹਨ। ਪਹਿਲੇ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸੁਣਾਏ ਗਏ ਹੁਕਮਨਾਮੇ ਨੂੰ ਇੰਨ ਬਿਨ ਲਾਗੂ ਕਰਵਾਉਣ ਦੀ ਹਮਾਇਤ ਕੀਤੀ ਗਈ। ਦੂਜੇ ਮਤੇ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਗਿਆ। 

Courtesy: ਦਿੱਲੀ ਵਿਖੇ ਹੋਏ ਪੰਥਕ ਇਕੱਠ 'ਚ ਕਈ ਅਹਿਮ ਫੈਸਲੇ ਲਏ ਗਏ।

Share:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਇਸਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਕਿ ਉਹ ਸਿੱਖ ਧਰਮ ਦੇ ਵਿਸ਼ਵ ਭਰ ਵਿਚ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਨ। ਜਿਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਸਮੇਤ ਸਮੁੱਚੀਆਂ ਸਿੱਖ ਸੰਸਥਾਵਾਂ ਉਹਨਾਂ ਦਾ ਸਾਥ ਦੇਣਗੀਆਂ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਈ ਆਲ ਇੰਡੀਆ ਪੰਥਕ ਕਨਵੈਨਸ਼ਨ ਵਿੱਚ  ਅੱਧਾ ਦਰਜਨ ਦੇ ਕਰੀਬ ਮਤੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ। 

SGPC ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ

ਇਹਨਾਂ ਵਿੱਚ ਪਹਿਲੇ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸੁਣਾਏ ਗਏ ਹੁਕਮਨਾਮੇ ਨੂੰ ਇੰਨ ਬਿਨ ਲਾਗੂ ਕਰਵਾਉਣ ਦੀ ਹਮਾਇਤ ਕੀਤੀ ਗਈ। ਦੂਜੇ ਮਤੇ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਗਿਆ ਤੇ ਉਹਨਾਂ ਨੂੰ ਵਿਸ਼ਵ ਭਰ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਵਾਸਤੇ ਮੁਹਿੰਮ ਜਾਰੀ ਰੱਖਣ ਦੀ ਅਪੀਲ ਕੀਤੀ ਗਈ। ਤੀਜੇ ਮਤੇ ਰਾਹੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਰਨਾ ਭਰਾਵਾਂ ਵੱਲੋਂ ਮਾਣ ਸਨਮਾਨ ਕਰਨ ਦੀ ਨਿਖੇਧੀ ਕੀਤੀ ਗਈ ਤੇ ਪ੍ਰਣ ਲਿਆ ਗਿਆ ਕਿ ਇਸ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੱਕ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਆਪਣਾ ਸੰਘਰਸ਼ ਜਾਰੀ ਰੱਖੇਗੀ। ਚੌਥੇ ਮਤੇ ਰਾਹੀਂ ਇਕੱਠ ਨੇ ਵਿਸ਼ਵ ਪੱਧਰ ’ਤੇ ਸਿੱਖਾਂ ਦੀ ਤਾਲਮੇਲ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਤਾਂ ਜੋ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਪ੍ਰਬੰਧਕ ਕਮੇਟੀਆਂ ਦੀ ਸ਼ਮੂਲੀਅਤ ਕਰਵਾ ਕੇ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਵਾਸਤੇ ਸਾਂਝੇ ਉਦਮ ਕੀਤੇ ਜਾਣ। ਇਹ ਵੀ ਕਿਹਾ ਗਿਆ ਕਿ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਵਾਸਤੇ ਵਿਧੀ ਵਿਧਾਨ ਬਣਾਇਆ ਜਾਵੇ। ਇਕ ਹੋਰ ਮਤੇ ਰਾਹੀਂ ਕਨਵੈਨਸ਼ਨ ਵਿਚ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖਿਲਾਫ ਕੇਸਾਂ ਵਿਚ ਚਾਰਜਸ਼ੀਟ ਦਾਇਰ ਕਰਨ ਦਾ ਸਵਾਗਤ ਕੀਤਾ ਗਿਆ ਤੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਅਜਿਹੇ ਲੋਕਾਂ ਨੂੰ ਮੂੰਹ ਨਾ ਲਗਾਇਆ ਜਾਵੇ।

ਸੱਜਣ ਕੁਮਾਰ ਨੂੰ ਫਾਂਸੀ ਦੀ ਮੰਗ 

ਜਨਰਲ ਸਕੱਤਰ  ਜਗਦੀਪ ਸਿੰਘ ਕਾਹਲੋਂ ਵੱਲੋਂ ਜੈਕਾਰਿਆਂ ਨਾਲ ਪਾਸ ਕੀਤੇ ਮਤੇ ਰਾਹੀਂ ਸੰਗਤ ਨੇ ਅਦਾਲਤ ਨੂੰ ਅਪੀਲ ਕੀਤੀ ਕਿ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਸਿਰਫ 10 ਜਣੇ ਹੀ ਅਕਾਲੀ ਦਲ ਨੂੰ ਡੋਬਣ ’ਤੇ ਲੱਗੇ ਹਨ ਜਿਸ ਵਿਚੋਂ 2 ਦਿੱਲੀ ਦੇ ਹਨ ਤੇ 8 ਪੰਜਾਬ ਦੇ ਹਨ। ਉਹਨਾਂ ਕਿਹਾ ਕਿ ਦਿੱਲੀ ਵਾਲਿਆਂ ਨੇ ਕਾਰ ’ਤੇ ਹਥੋੜਾ ਮਾਰ ਕੇ ਹੁਣ ਉਸ ’ਤੇ ਸਵਾਰੀ ਕਰ ਲਈ ਹੈ। ਉਹਨਾਂ ਕਿਹਾ ਕਿ ਬਾਕੀ ਸਾਰੀ ਕੌਮ ਪੰਥ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ ਪਰ ਇਹ 10 ਜਣੇ ਪੰਥ ਦੇ ਖਿਲਾਫ ਕੰਮ ਕਰ ਰਹੇ ਹਨ।

ਦਾਦੂਵਾਲ ਨੇ ਬਾਦਲਾਂ 'ਤੇ ਵਿੰਨ੍ਹੇ ਨਿਸ਼ਾਨੇ 

ਇਸ ਕਨਵੈਨਸ਼ਨ ਵਿਚ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅੱਜ ਦੀ ਕਨਵੈਨਸ਼ਨ ਦੀ ਮੇਜ਼ਬਾਨੀ ਕਰਨ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਵਧਾਈ ਦੀ ਪਾਤਰ ਹੈ। ਉਹਨਾਂ ਕਿਹਾ ਕਿ ਅੱਜ ਜਿਹੜੇ ਹਾਲਾਤ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਤੇ ਤਖਤ ਸਾਹਿਬਾਨ ਦੇ ਜੋ ਹਾਲ ਹਨ, ਉਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਉਹ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖਤ ਨੂੰ ਅਪੀਲ ਕਰਦੇ ਹਨ ਕਿ ਇਸ ਮਸਲੇ ਦਾ ਹੱਲ ਉਹਨਾ ਚਿਰ ਨਹੀਂ ਹੋਣਾ ਜਿੰਨਾ ਚਿਰ ਉਹ ਅਕਾਲੀ ਫੂਲਾ ਸਿੰਘ ਦਾ ਰੋਲ ਨਹੀਂ ਨਿਭਾਉਂਦੇ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿਚੋਂ ਖਾਰਜ ਨਹੀਂ ਕਰਦੇ।

ਪੰਜਾਬ 'ਚ ਸਿੱਖੀ ਦਾ ਹੋ ਰਿਹਾ ਘਾਣ 

ਇਸ ਪੰਥਕ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ  ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਕ ਪਰਿਵਾਰ ਨੂੰ ਬਚਾਉਣ ਵਾਸਤੇ ਸਿੱਖ ਸੰਸਥਾਵਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪੰਜਾਬ ਵਿਚ ਸਿੱਖੀ ਸੰਸਥਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਜੇਕਰ ਕੋਈ ਵੀ ਇਕ ਪਰਿਵਾਰ ਦੇ ਹੁਕਮ ਤੋਂ ਬਾਹਰ ਜਾਂਦਾ ਹੈ ਤਾਂ ਉਸਨੂੰ ਸਿਆਸੀ ਤੌਰ ’ਤੇ ਖ਼ਤਮ ਕਰਨ ਵਾਸਤੇ ਕੋਈ ਕਸਰ ਨਹੀਂ ਛੱਡੀ ਜਾਂਦੀ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪਰਿਵਾਰ ਦੇ ਰਾਜਕਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ, ਡੇਰਾ ਸਿਰਸਾ ਵਾਲੇ ਨੂੰ ਮੁਆਫੀਆਂ ਦਿੱਤੀਆਂ ਗਈਆਂ ਤੇ ਹੋਰ ਬਜ਼ਰ ਗੁਨਾਹ ਹੋਏ ਪਰ ਇਸ ਪਰਿਵਾਰ ਨੂੰ ਕੋਈ ਫਰਕ ਨਹੀਂ ਪਿਆ। ਉਹਨਾਂ ਕਿਹਾ ਕਿ ਹੁਣ ਸੰਗਤ ਨੇ ਇਸ ਪਰਿਵਾਰ ਦੀ ਅਗਵਾਈ ਵਾਲੇ ਅਕਾਲੀ ਨੂੰ ਬਿਲਕੁਲ ਜ਼ੀਰੋ ਕਰ ਦਿੱਤਾ ਹੈ।

 

ਇਹ ਵੀ ਪੜ੍ਹੋ