ਪੰਜਾਬ ਅਤੇ ਦਿੱਲੀ ਦੀਆਂ ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ INDIA ਗਠਜੋੜ ਦੇ ਨੇਤਾਵਾਂ ਵਿਚਕਾਰ ਦਿੱਲੀ 'ਚ ਹੋਈ ਅਹਿਮ ਮੀਟਿੰਗ

ਇਸ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਇੱਕ ਸੀਟ ਕਾਂਗਰਸ ਲਈ ਛੱਡਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ 4-3 ਫਾਰਮੂਲੇ 'ਤੇ ਕਾਇਮ ਹੈ।

Share:

ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦਾ ਸਿਆਸੀ ਤਾਪਮਾਨ ਗਰਮ ਹੋਣ ਲੱਗਾ ਹੈ। ਸੋਮਵਾਰ ਨੂੰ ਪੰਜਾਬ ਅਤੇ ਦਿੱਲੀ ਦੀਆਂ ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ INDIA ਗਠਜੋੜ ਦੇ ਨੇਤਾਵਾਂ ਵਿਚਕਾਰ ਦਿੱਲੀ 'ਚ ਅਹਿਮ ਮੀਟਿੰਗ ਹੋਈ। ਦਿੱਲੀ ਅਤੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਨੂੰ ਲੈ ਕੇ ਪਹਿਲੀ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕ ਮੇਜ਼ 'ਤੇ ਇਕੱਠੇ ਬੈਠੇ ਹਨ। ਇਸ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਇੱਕ ਸੀਟ ਕਾਂਗਰਸ ਲਈ ਛੱਡਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ 4-3 ਫਾਰਮੂਲੇ 'ਤੇ ਕਾਇਮ ਹੈ। ਹਾਲਾਂਕਿ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਇੰਡੀਆ ਅਲਾਇੰਸ ਦੀ ਇਸ ਮੀਟਿੰਗ ਵਿੱਚ ਕਾਂਗਰਸ ਵੱਲੋਂ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੁਕੁਲ ਵਾਸਨਿਕ ਅਤੇ ਦਿੱਲੀ ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਹਾਜ਼ਰ ਸਨ। ਇਸ ਤੋਂ ਅਲਾਵਾ ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਤਰਫੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ, ਦਿੱਲੀ ਦੇ ਦੋ ਕੈਬਨਿਟ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਸ਼ਿਰਕਤ ਕੀਤੀ। ਦਿੱਲੀ ਵਿੱਚ ਲੋਕ ਸਭਾ ਦੀਆਂ 7 ਅਤੇ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਹਨ।

ਆਉਣ ਵਾਲੇ ਸਮੇਂ 'ਚ ਹੋਣਗੀਆਂ ਕਈ ਦੌਰ ਦੀਆਂ ਮੀਟਿੰਗਾਂ

ਇਸ ਮੀਟਿੰਗ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਕਈ ਮੁੱਦਿਆਂ 'ਤੇ ਚਰਚਾ ਹੋਈ। ਹੁਣ ਗੱਲਬਾਤ ਸ਼ੁਰੂ ਹੋ ਗਈ ਹੈ। ਆਉਣ ਵਾਲੇ ਸਮੇਂ 'ਚ ਕਈ ਦੌਰ ਦੀਆਂ ਮੀਟਿੰਗਾਂ ਹੋਣਗੀਆਂ ਅਤੇ ਉਸ ਤੋਂ ਬਾਅਦ ਹੀ ਸੀਟਾਂ ਦੀ ਵੰਡ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇ ਕਿਹਾ ਹੈ ਕਿ ਅਸੀਂ ਇਕੱਠੇ ਚੋਣ ਲੜਾਂਗੇ ਅਤੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ।

ਮੀਟਿੰਗ ਨੂੰ ਲੈ ਕੇ ਨਹੀਂ ਦਿੱਤਾ ਕੋਈ ਵੱਡਾ ਬਿਆਨ

ਦੱਸ ਦੇਈਏ ਕਿ ਇਸ ਮੁਲਾਕਾਤ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ। ਮੀਟਿੰਗ ਵਿੱਚ ‘ਆਪ’ ਦੇ ਸੰਸਦ ਮੈਂਬਰ ਸੰਦੀਪ ਪਾਠਕ, ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਸੌਰਭ ਭਾਰਦਵਾਜ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਦਿੱਲੀ ਦੇ ਨਾਲ-ਨਾਲ ਪੰਜਾਬ ਦੀਆਂ ਲੋਕ ਸਭਾ ਸੀਟਾਂ ਬਾਰੇ ਵੀ ਚਰਚਾ ਕੀਤੀ ਗਈ। ਹਾਲਾਂਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਅਜੇ ਤੱਕ ਮੀਟਿੰਗ ਨੂੰ ਲੈ ਕੇ ਕੋਈ ਵੱਡਾ ਬਿਆਨ ਨਹੀਂ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2019 'ਚ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ 7 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਕਾਂਗਰਸ ਨੂੰ 8 ਸੀਟਾਂ ਮਿਲੀਆਂ ਸਨ। ਅਕਾਲੀ-ਭਾਜਪਾ ਗਠਜੋੜ ਨੂੰ 4 ਅਤੇ 'ਆਪ' ਨੂੰ ਸਿਰਫ਼ 1 ਸੀਟ ਨਾਲ ਹੀ ਸਬਰ ਕਰਨਾ ਪਿਆ। ਉਂਜ ਪਿਛਲੀ ਵਾਰ ਲੋਕ ਸਭਾ ਚੋਣਾਂ ਹੋਈਆਂ ਤਾਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ।

ਇਹ ਵੀ ਪੜ੍ਹੋ