ਮੋਦੀ-ਸ਼ਾਹ ਨੇ ਅੱਧੀ ਰਾਤ ਨੂੰ ਮੁੱਖ ਚੋਣ ਕਮਿਸ਼ਨਰ ਚੁਣ ਕੇ ਸਰਾਸਰ ਗਲਤ ਕੀਤਾ - ਰਾਹੁਲ ਗਾਂਧੀ 

ਇੱਕ ਸੁਤੰਤਰ ਚੋਣ ਕਮਿਸ਼ਨ ਦਾ ਸੱਭ ਤੋਂ ਬੁਨਿਆਦੀ ਪਹਿਲੂ, ਕਾਰਜਕਾਰੀ ਦੁਆਰਾ ਦਖ਼ਲਅੰਦਾਜ਼ੀ ਤੋਂ ਮੁਕਤ, ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਚੋਣ ਦੀ ਪ੍ਰਕਿਰਿਆ ਹੈ।

Courtesy: file photo

Share:

ਲੋਕਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਧੀ ਰਾਤ ਨੂੰ ਮੁੱਖ ਚੋਣ ਕਮਿਸ਼ਨਰ ਦੀ ਚੋਣ ਕਰਨ ਦਾ ਫ਼ੈਸਲਾ ਸਰਾਸਰ ਗ਼ਲਤ ਹੈ। ਜਦਕਿ ਚੋਣ ਕਮੇਟੀ ਦੀ ਬਣਤਰ ਅਤੇ ਪ੍ਰਕਿਰਿਆ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੋਈ ਹੈ ਅਤੇ ਸੁਣਵਾਈ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਤੈਅ ਕੀਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸੋਮਵਾਰ ਸ਼ਾਮ ਨੂੰ ਹੋਈ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਗਿਆਨੇਸ਼ ਕੁਮਾਰ ਨੂੰ ਭਾਰਤ ਦਾ ਨਵਾਂ ਸੀਈਸੀ ਨਿਯੁਕਤ ਕੀਤਾ ਗਿਆ। ਇਸ ਕਮੇਟੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਵੀ ਸ਼ਾਮਲ ਹਨ।

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ

ਆਪਣੇ ਅਸਹਿਮਤੀ ਨੋਟ ਦੀ ਇਕ ਕਾਪੀ ਸਾਂਝੀ ਕਰਦੇ ਹੋਏ ਰਾਹੁਲ ਗਾਂਧੀ ਨੇ ਟਵਿੱਟਰ 'ਤੇ ਪੋਸਟ ਕੀਤਾ, ‘ਅਗਲੇ ਮੁੱਖ ਚੋਣ ਕਮਿਸ਼ਨਰ ਦੀ ਚੋਣ ਲਈ ਕਮੇਟੀ ਦੀ ਮੀਟਿੰਗ ਦੌਰਾਨ, ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਕ ਅਸਹਿਮਤੀ ਨੋਟ ਸੌਂਪਿਆ, ਜਿਸ ਵਿਚ ਕਿਹਾ ਗਿਆ ਸੀ ਕਿ ਇੱਕ ਸੁਤੰਤਰ ਚੋਣ ਕਮਿਸ਼ਨ ਦਾ ਸੱਭ ਤੋਂ ਬੁਨਿਆਦੀ ਪਹਿਲੂ, ਕਾਰਜਕਾਰੀ ਦੁਆਰਾ ਦਖ਼ਲਅੰਦਾਜ਼ੀ ਤੋਂ ਮੁਕਤ, ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਚੋਣ ਦੀ ਪ੍ਰਕਿਰਿਆ ਹੈ।’ ਉਹਨਾਂ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਅਤੇ ਭਾਰਤ ਦੇ ਚੀਫ਼ ਜਸਟਿਸ ਨੂੰ ਕਮੇਟੀ ਤੋਂ ਹਟਾ ਕੇ, ਮੋਦੀ ਸਰਕਾਰ ਨੇ ਕਰੋੜਾਂ ਵੋਟਰਾਂ ਦੀਆਂ ਚੋਣ ਪ੍ਰਕਿਰਿਆ ਦੀ ਇਮਾਨਦਾਰੀ ਬਾਰੇ ਚਿੰਤਾਵਾਂ ਵਧਾ ਦਿਤੀਆਂ ਹਨ।

ਅੱਧੀ ਰਾਤ ਨੂੰ ਫ਼ੈਸਲਾ ਲੈਣਾ ਉਚਿਤ ਨਹੀਂ

ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, ‘ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਇਹ ਮੇਰਾ ਫ਼ਰਜ਼ ਹੈ ਕਿ ਮੈਂ ਬਾਬਾ ਸਾਹਿਬ ਅੰਬੇਦਕਰ ਅਤੇ ਸਾਡੇ ਰਾਸ਼ਟਰ ਨਿਰਮਾਣ ਨੇਤਾਵਾਂ ਦੇ ਆਦਰਸ਼ਾਂ ਨੂੰ ਕਾਇਮ ਰੱਖਾਂ ਅਤੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਵਾਂ।’ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਨਵੇਂ ਸੀਈਸੀ ਦੀ ਚੋਣ ਕਰਨ ਦਾ ਅੱਧੀ ਰਾਤ ਨੂੰ ਫ਼ੈਸਲਾ ਲੈਣਾ ਉਚਿਤ ਨਹੀਂ ਹੈ ਤੇ ਸਰਾਸਰ ਗ਼ਲਤ ਹੈ। ਜਦਕਿ ਕਮੇਟੀ ਦੀ ਬਣਤਰ ਅਤੇ ਪ੍ਰਕਿਰਿਆ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਗਈ ਹੈ ਅਤੇ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਸੁਣਵਾਈ ਹੋਣੀ ਹੈ।

ਇਹ ਵੀ ਪੜ੍ਹੋ