Chandigarh Mayor Elections: ਚੋਣਾਂ ਦਾ ਸਾਰਾ ਰਿਕਾਰਡ ਸੁਰੱਖਿਅਤ ਰੱਖਣ ਦੇ ਹੁਕਮ, 12 ਫਰਵਰੀ ਨੂੰ ਹੋਵੇਗੀ ਸੁਣਵਾਈ

Chandigarh Mayor Elections: ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਅੱਜ ਸ਼ਾਮ 5 ਵਜੇ ਤੱਕ ਰਿਕਾਰਡ ਸੁਰੱਖਿਅਤ ਕਰਨ ਲਈ ਕਿਹਾ ਹੈ। 'ਆਪ' ਕੌਂਸਲਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ ਅਗਲੀ ਸੁਣਵਾਈ 12 ਫਰਵਰੀ ਨੂੰ ਹੋਵੇਗੀ।

Share:

Chandigarh Mayor Elections: ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ ਸੁਪਰੀਮ ਕੋਰਟ ਨੇ ਵੱਡਾ ਦਖਲ ਦਿੱਤਾ ਹੈ। ਅਦਾਲਤ ਨੇ ਮੇਅਰ ਚੋਣ ਦਾ ਸਾਰਾ ਰਿਕਾਰਡ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਦੇ ਰਜਿਸਟਰਾਰ ਜਨਰਲ ਨੂੰ ਰਿਕਾਰਡ ਸੁਰੱਖਿਅਤ ਕਰਨ ਲਈ ਕਿਹਾ ਹੈ। 'ਆਪ' ਕੌਂਸਲਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ ਅਗਲੀ ਸੁਣਵਾਈ 12 ਫਰਵਰੀ ਨੂੰ ਹੋਵੇਗੀ। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਚੋਣ ਅਫਸਰ ਅਨਿਲ ਮਸੀਹ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਾਈ ਹੈ।

CJI ਵਲੋਂ ਸਖਤ ਟਿਪਣੀ, ਕਿਹਾ- ਇਹ ਲੋਕਤੰਤਰ ਦਾ ਮਜ਼ਾਕ ਹੈ

CJI ਡੀ.ਵਾਈ. ਚੰਦਰਚੂੜ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਚੋਣ ਅਫਸਰ ਵਲੋਂ ਬੈਲਟ ਪੇਪਰਾਂ ਨੂੰ ਖਰਾਬ ਕੀਤਾ ਗਿਆ। ਕੀ ਉਹ ਇਸ ਤਰ੍ਹਾਂ ਚੋਣਾਂ ਕਰਵਾਉਂਦੇ ਹਨ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਸ ਅਧਿਕਾਰੀ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਬੈਲਟ ਪੇਪਰ ਅਤੇ ਵੀਡੀਓਗ੍ਰਾਫੀ ਨੂੰ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਦਾਇਤ ਕੀਤੀ ਕਿ ਚੰਡੀਗੜ੍ਹ ਨਿਗਮ ਦੀ ਹੋਣ ਵਾਲੀ ਮੀਟਿੰਗ ਮੁਲਤਵੀ ਰਹੇਗੀ। I.N.D.I.A. ਯਾਨੀ ਆਪ-ਕਾਂਗਰਸ (APP-Congress) ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਦੁਬਾਰਾ ਚੋਣ ਕਰਵਾਉਣ ਦੀ ਮੰਗ ਕੀਤੀ ਹੈ।

ਅੱਜੇ ਤੱਕ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਵੀ ਰਾਹਤ

ਸੁਪਰੀਮ ਕੋਰਟ (Supreme Court) ਜਾਣ ਤੋਂ ਪਹਿਲਾਂ ਕੁਲਦੀਪ ਕੁਮਾਰ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ 'ਤੇ ਸੁਣਵਾਈ ਦੌਰਾਨ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਵਿੱਚ ਜਸਟਿਸ ਸੁਧੀਰ ਸਿੰਘ ਅਤੇ ਹਰਸ਼ ਬੰਗੜ ਦੇ ਡਿਵੀਜ਼ਨ ਬੈਂਚ ਨੇ ‘ਆਪ’ ਵੱਲੋਂ ਚੋਣਾਂ ’ਤੇ ਰੋਕ ਲਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਸੀ। ਇਸ ਦੇ ਨਾਲ ਹੀ ਕੁਲਦੀਪ ਕੁਮਾਰ ਦੀ ਤਰਫੋਂ ਇਸ ਮਾਮਲੇ ਦੀ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਗਈ। ਪਰ ਫਿਰ ਵੀ ਹਾਈ ਕੋਰਟ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 26 ਫਰਵਰੀ ਨੂੰ ਹੋਣੀ ਹੈ। 

ਜਾਣੋ ਕੀ ਹੈ ਪੂਰਾ ਮਾਮਲਾ?

ਦਰਅਸਲ ਚੰਡੀਗੜ੍ਹ 'ਚ ਹੋਈ ਮੇਅਰ ਦੀ ਚੋਣ 'ਚ ਭਾਜਪਾ ਨੇ ਜਿੱਤ ਹਾਸਲ ਕੀਤੀ ਸੀ। ਜਿਸ ਬਾਰੇ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਬੇਈਮਾਨੀ ਨਾਲ ਚੋਣਾਂ ਜਿੱਤੀਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਅਤੇ ਦੋਵਾਂ ਧਿਰਾਂ ਵੱਲੋਂ ਬਿਆਨਬਾਜ਼ੀ ਵੀ ਹੋਈ। ਆਮ ਆਦਮੀ ਪਾਰਟੀ ਨੇ ਵੀ ਨਗਰ ਨਿਗਮ ਦਫ਼ਤਰ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਸੀ। ਚੰਡੀਗੜ੍ਹ ਮੇਅਰ ਚੋਣਾਂ 'ਚ ਬੇਨਿਯਮੀਆਂ ਦੇ ਦੋਸ਼ਾਂ 'ਤੇ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਚੋਣਾਂ 'ਚ ਬੇਨਿਯਮੀਆਂ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਨੂੰ ਲੈ ਕੇ 'ਆਪ' ਅਤੇ ਭਾਜਪਾ ਆਹਮੋ-ਸਾਹਮਣੇ ਹਨ।

ਇਹ ਵੀ ਪੜ੍ਹੋ