ਯੁੱਧ ਨਸ਼ਿਆਂ ਵਿਰੁੱਧ" - ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ:  ਤਰੁਨਪ੍ਰੀਤ ਸਿੰਘ ਸੌਂਦ  

ਬਠਿੰਡਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਨਸ਼ਿਆਂ ਦਾ ਜੜ੍ਹ ਤੋਂ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

Courtesy: ਬਠਿੰਡਾ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਸ਼ਿਆਂ ਵਿਰੁੱਧ ਮੀਟਿੰਗ ਕੀਤੀ

Share:

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲਵੇ ਦੇ ਦਿਲ ਬਠਿੰਡਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। 

ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ

ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਅਤੇ ਲੋਕਾਂ ਵਿੱਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਉਨ੍ਹਾਂ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। 

ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ। ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ ਉੱਤੇ ਵੀ ਜ਼ੋਰ

ਉਨ੍ਹਾਂ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ ਉੱਤੇ ਵੀ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਬਾਹਰਲੀ ਕੰਧ ਉੱਤੇ ਨਸ਼ਿਆਂ ਖਿਲਾਫ ਜਾਗਰੂਕਤਾ ਬੋਰਡ ਲਗਾਉਣ। ਸਾਰੀਆਂ ਜਨਤਕ ਥਾਵਾਂ ਉੱਤੇ ਵੀ ਜਾਗਰੂਕਤਾ ਬੋਰਡ ਲਗਾਏ ਜਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇੱਕ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇ। ਇਸ ਮੌਕੇ ਤਲਵੰਡੀ ਸਾਬੋ ਦੇ ਵਿਧਾਇਕ ਅਤੇ ਚੀਫ ਵਿਪ ਪ੍ਰੋ ਬਲਜਿੰਦਰ ਕੌਰ ਅਤੇ ਵਿਧਾਇਕ ਬਠਿੰਡਾ ਸ਼ਹਿਰੀ ਦੇ ਜਗਰੂਪ ਸਿੰਘ ਗਿੱਲ ਵਲੋਂ ਵੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। 

ਇਹ ਵੀ ਪੜ੍ਹੋ