ਗੁਰਪੁਰਬ ਮਨਾਉਣ 896 ਸ਼ਰਧਾਲੂ ਜਾਣਗੇ ਪਾਕਿਸਤਾਨ

25 ਨਵੰਬਰ ਸਵੇਰੇ 8 ਵਜੇ ਰਵਾਨਾ ਹੋਵੇਗਾ ਜੱਥਾ। ਸ਼੍ਰੋਮਣੀ ਕਮੇਟੀ ਨੇ ਮੁਕੰਮਲ ਕੀਤੇ ਪ੍ਰਬੰਧ।

Share:

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 896 ਸ਼ਰਧਾਲੂ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਇਸ ਜੱਥੇ ਲਈ ਵੀਜ਼ੇ ਪ੍ਰਾਪਤ ਹੋ ਗਏ ਹਨ। ਜਿਨ੍ਹਾਂ ਨੂੰ 25 ਨਵੰਬਰ ਦੀ ਸਵੇਰੇ 8 ਵਜੇ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਾਰੇ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਲਏ। 

788 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 788 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰਨਗੇ। ਜਦਕਿ  ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਹੋਣਗੇ। ਉਨ੍ਹਾਂ ਦੱਸਿਆ ਕਿ ਜੱਥਾ 25 ਨਵੰਬਰ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਜਿਹੜੇ ਸ਼ਰਧਾਲੂ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਸਵੇਰੇ ਜੱਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ। 

ਇਹ ਵੀ ਪੜ੍ਹੋ

Tags :