ਅੰਮ੍ਰਿਤਸਰ 'ਚ 8 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਕੀਲ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕੀਤੀ ਵੱਡੀ ਕਾਰਵਾਈ। ਪੀੜਤ ਵਿਅਕਤੀ ਨੇ ਸੀਐਮ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਕੀਤੀ ਸੀ ਸ਼ਿਕਾਇਤ। ਜਾਂਚ ਮਗਰੋਂ ਦੋਸ਼ੀ ਪਾਇਆ ਗਿਆ ਵਕੀਲ। 

Share:

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗੌਤਮ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। 
 
ਜ਼ਮੀਨ ਦਾ ਮੁਆਵਜਾ ਵੱਧ ਦਿਵਾਉਣ ਬਦਲੇ ਰਿਸ਼ਵਤ 
 
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਬਦਲੇ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ