ਸਿੱਧੂ ਦੇ ਸਵਾਲ ਚੁੱਕਣ ਦੇ ਬਾਅਦ ਕਾਂਗਰਸੀਆਂ ਨੂੰ ਯਾਦ ਆਈ ਖਹਿਰਾ ਦੀ,ਜੇਲ੍ਹ ਵਿੱਚ ਕਰਨਗੇ ਮੁਲਾਕਾਤ

ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ 'ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖਹਿਰਾ ਨਾਲ ਜੇਲ 'ਚ ਮੁਲਾਕਾਤ ਕਰਨਗੇ

Share:

ਜੇਲ੍ਹ ਵਿੱਚ ਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਅੱਜ ਸੀਨੀਅਰ ਕਾਂਗਰਸੀ ਆਗੂ ਮੁਲਾਕਾਤ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਸੁਖਪਾਲ ਖਹਿਰਾ ਦਾ ਗ੍ਰਿਫਤਾਰੀ ਨੂੰ ਲੈ ਕੇ ਸਵਾਲ ਚੁੱਕਿਆ ਸੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ 'ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖਹਿਰਾ ਨਾਲ ਜੇਲ 'ਚ ਮੁਲਾਕਾਤ ਕਰਨਗੇ।

 

ਇਸ ਮਾਮਲੇ ਵਿੱਚ ਹੋਈ ਸੀ ਗ੍ਰਿਫਤਾਰ

ਸਤੰਬਰ 2023 ਵਿੱਚ ਜਲਾਲਾਬਾਦ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਸਾਲ 2015 ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। 4 ਜਨਵਰੀ, 2024 ਨੂੰ ਜਦੋਂ ਉਸ ਨੂੰ ਇਸ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ। ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿੱਚ ਪਿੰਡ ਡੋਗਰਾਂਵਾਲ ਦੀ ਵਸਨੀਕ ਰਣਜੀਤ ਕੌਰ ਦੀ ਸ਼ਿਕਾਇਤ ਤੇ ਖਹਿਰਾ ਖ਼ਿਲਾਫ਼ ਧਾਰਾ 195-ਏ  ਅਤੇ ਧਾਰਾ 506  ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਵਿਧਾਇਕ ਸੁਖਪਾਲ ਖਹਿਰਾ ਉਸ (ਸ਼ਿਕਾਇਤਕਰਤਾ) ਨੂੰ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇ ਰਿਹਾ ਹੈ।

 

ਕਾਂਗਰਸ ਤੇ ਭਾਜਪਾ ਆਗੂ ਜਾਖੜ ਦਾ ਸ਼ਬਦੀ ਹਮਲਾ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਨੂੰ ਆੜੇ ਹੱਥੀਂ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨਿਆਂ ਯਾਤਰਾ ਕੱਢਣ ਜਾ ਰਹੀ ਹੈ ਪਰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਪਣੇ ਆਗੂ ਨੂੰ ਇਨਸਾਫ਼ ਨਹੀਂ ਦਿਵਾ ਪਾ ਰਹੀ। ਉਹ ਦੇਸ਼ ਨੂੰ ਕੀ ਇਨਸਾਫ਼ ਦੇਵੇਗਾ। ਇਸ ਦੇ ਜਵਾਬ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਹ ਜਾਖੜ ਨੂੰ ਜਵਾਬ ਦੇਣ ਲਈ ਪਾਬੰਦ ਨਹੀਂ ਹਨ।

ਇਹ ਵੀ ਪੜ੍ਹੋ