Bathinda: ਚੇਤਨਾ ਮਾਰਚ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਦੀ ਮਾਂ ਸਮੇਤ 6 ਨੂੰ ਲਿਆ ਹਿਰਾਸਤ ਵਿੱਚ,ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਾ ਹੈ ਮਾਰਚ

ਅੰਮ੍ਰਿਤਪਾਲ ਸਿੰਘ ਆਪਣੇ 9 ਸਾਥੀਆਂ ਸਮੇਤ ਪਿਛਲੇ ਸਾਲ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ 'ਚ ਹੈ। ਅਜਨਾਲਾ ਥਾਣੇ 'ਤੇ ਹਮਲੇ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਫੜੇ ਜਾਣ ਤੋਂ ਬਾਅਦ ਸਾਰਿਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

Share:

Punjab News: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਕੱਢਿਆ ਜਾਣ ਵਾਲਾ ਚੇਤਨਾ ਮਾਰਚ ਸੋਮਵਾਰ ਯਾਨੀ ਅੱਜ ਸ਼ੁਰੂ ਹੋਵੇਗਾ। ਜਿਸ ਨੂੰ ਲੈ ਕੇ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਜਦੋਂਕਿ ਬੀਤੇ ਦਿਨ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਸਮੇਤ ਚਾਚਾ ਸੁਖਚੈਨ ਸਿੰਘ ਅਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਸ਼੍ਰੀ ਦਮਦਮਾ ਸਾਹਿਬ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੱਕ ਕੱਢਿਆ ਜਾਵੇਗਾ ਚੇਤਨਾ ਮਾਰਚ

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਬਠਿੰਡਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੱਕ ਇਹ ਚੇਤਨਾ ਮਾਰਚ ਕੱਢਿਆ ਜਾਣਾ ਹੈ। ਦੱਸ ਦਈਏ ਕਿ ਪ੍ਰਸ਼ਾਸਨ ਵੱਲੋਂ ਇਸ ਮਾਰਚ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਕੱਲ੍ਹ ਅੰਮ੍ਰਿਤਪਾਲ ਦੇ ਮਾਤਾ ਸਮਰਥਕਾਂ ਨਾਲ ਮਾਰਚ ਕੱਢਣ ਲਈ ਬਠਿੰਡਾ ਪਹੁੰਚ ਗਏ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੀ ਮਾਂ, ਚਾਚਾ ਅਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਫੜ ਕੇ 4 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਕੀਤੀ ਨਿਖੇਧੀ

ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ 2024 ਦਾ ਐਲਾਨ ਹੋ ਚੁੱਕਾ ਹੈ ਅਤੇ ਚੋਣ ਜ਼ਾਬਤਾ ਲਾਗੂ ਹੈ। ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਅਤੇ ਚਾਰ ਸਾਥੀਆਂ 'ਤੇ ਪ੍ਰੀਵੈਨਸ਼ਨ ਐਕਟ ਲਗਾ ਕੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ