Phagwara ‘ਚ ਬੇਅਦਬੀ ਦਾ ਮਾਮਲਾ: ਏਡੀਜੀਪੀ ਨੇ ਕਿਹਾ-ਬੇਅਦਬੀ ਦਾ ਕੋਈ ਸਬੂਤ ਨਹੀਂ,24 ਘੰਟਿਆਂ ਵਿੱਚ ਕੀਤਾ ਜਾਵੇਗਾ ਖੁਲਾਸਾ

ਏਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਜੋੜੀ ਜਾ ਸਕਦੀ ਹੈ। ਡੀਜੀਪੀ ਗੌਰਵ ਯਾਦਵ ਖੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਮੈਰਿਟ ਦੇ ਆਧਾਰ 'ਤੇ ਜਾਂਚ ਕਰਕੇ ਕਾਰਵਾਈ ਕਰੇਗੀ।

Share:

ਫਗਵਾੜਾ ਵਿੱਚ ਬੇਅਦਬੀ ਦੇ ਸ਼ੱਕ 'ਚ ਹੋਏ ਕਤਲ ਦੇ ਮਾਮਲੇ 'ਚ ਪੰਜਾਬ ਦੇ ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਹੈ ਕਿ ਉਹ ਮੰਗਲਵਾਰ ਨੂੰ ਬੇਅਦਬੀ ਦੇ ਸ਼ੱਕ ਵਿੱਚ ਹੋਏ ਕਤਲ ਕਾਂਡ ਦਾ 24 ਘੰਟਿਆਂ 'ਚ ਖੁਲਾਸਾ ਕਰਣਗੇ। ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਰਮਨਦੀਪ ਸਿੰਘ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ ਪਰ ਉਸ ਖ਼ਿਲਾਫ਼ ਇਹ ਪਹਿਲਾ ਕਤਲ ਦਾ ਕੇਸ ਹੈ।

 

ਬੇਅਦਬੀ ਦਾ ਕੋਈ ਸਬੂਤ ਨਹੀਂ

ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਗੁਰਦੁਆਰਾ ਸਾਹਿਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਬੇਅਦਬੀ ਨਹੀਂ ਹੋਈ। ਪੁਲਿਸ ਦੀ ਜਾਂਚ ਵਿੱਚ ਹੁਣ ਤੱਕ ਬੇਅਦਬੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਮੁਲਜ਼ਮ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਇਸ ਪੂਰੀ ਘਟਨਾ ਦੀ ਡਿਜੀਟਲ ਸਬੂਤਾਂ ਸਮੇਤ ਹਰ ਪਹਿਲੂ 'ਤੇ ਬਾਰੀਕੀ ਨਾਲ ਜਾਂਚ ਕਰੇਗੀ। ਇਸ ਦੇ ਨਾਲ ਹੀ ਸਿੱਖ ਸੰਗਤ ਫਗਵਾੜਾ ਨੇ ਦੋਸ਼ ਲਾਇਆ ਕਿ ਘਟਨਾ ਤੋਂ ਬਾਅਦ ਪੁਲਿਸ ਨੇ ਬੈਰੀਕੇਡ ਲਗਾ ਕੇ ਸੰਗਤ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ, ਜੋ ਕਿ ਅਤਿ ਨਿੰਦਣਯੋਗ ਹੈ।

 

ਐਸਆਈਟੀ ਦੀ ਕੀਤਾ ਗਿਆ ਗਠਨ

ਏਡੀਜੀਪੀ ਨੇ ਕਿਹਾ ਕਿ ਹਰ ਤੱਥ ਦੀ ਜਾਂਚ ਕਰਕੇ ਜਲਦੀ ਹੀ ਮ੍ਰਿਤਕ ਦੀ ਪਛਾਣ ਕਰ ਲਈ ਜਾਵੇਗੀ। ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੇ ਕਰੀਬ ਪਹੁੰਚ ਗਈ ਹੈ। ਮੰਗਲਵਾਰ ਨੂੰ ਫਗਵਾੜਾ ਐਸਪੀ ਦਫ਼ਤਰ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਏਡੀਜੀਪੀ ਢਿੱਲੋਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਅਤੇ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡੀਆਈਜੀ ਜਲੰਧਰ ਰੇਂਜ ਭੂਪਤੀ ਦੀ ਦੇਖ-ਰੇਖ ਹੇਠ ਇਕ ਟੀਮ ਵੀ ਬਣਾਈ ਗਈ ਹੈ। ਐਸਪੀ ਫਗਵਾੜਾ ਨੂੰ ਵੱਖਰੀ ਜਾਂਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰੇਗੀ ਅਤੇ ਲੋੜ ਪੈਣ ’ਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਵੀ ਲਏਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਆਸ ਹੈ ਕਿ ਜਲਦੀ ਹੀ ਇਸ ਦੀ ਪਛਾਣ ਹੋ ਜਾਵੇਗੀ। ਮ੍ਰਿਤਕ ਦਾ ਪੋਸਟਮਾਰਟਮ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ