ਲੁਧਿਆਣਾ 'ਚ ਕੈਬਨਿਟ ਮੰਤਰੀ ਮੁੰਡੀਆਂ ਨੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖਰੀਦ 

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਖਰੀਦ ਏਜੰਸੀਆਂ ਨੂੰ 1,864 ਨਿਯਮਿਤ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। 

Courtesy: ਸਾਹਨੇਵਾਲ ਵਿਖੇ ਸਰਕਾਰੀ ਖਰੀਦ ਦਾ ਉਦਘਾਟਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ

Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ । ਇਹ ਪ੍ਰਗਟਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਨਾਜ ਮੰਡੀ ਸਾਹਨੇਵਾਲ ਵਿਖੇ ਸੋਮਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ ਗਿਆ।

1864 ਨਿਯਮਿਤ ਖਰੀਦ ਕੇਂਦਰ ਅਲਾਟ 

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਖਰੀਦ ਏਜੰਸੀਆਂ ਨੂੰ 1,864 ਨਿਯਮਿਤ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਭਰਮਾਰ ਵਰਗੀ ਸਥਿਤੀ ਨਾਲ ਨਜਿੱਠਣ ਲਈ, ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ 520 ਵਾਧੂ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਉਹਨਾਂ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਨੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਹਰੇਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

24 ਘੰਟਿਆਂ ਦੇ ਅੰਦਰ-ਅੰਦਰ ਪੇਮੈਂਟ 

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਉਨ੍ਹਾਂ ਦੀਆਂ ਅਦਾਇਗੀਆਂ ਉਨ੍ਹਾਂ ਦੀ ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀਆਂ ਜਾਣਗੀਆਂ।
 

ਇਹ ਵੀ ਪੜ੍ਹੋ