CM maan ਬੋਲੇ-3 ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 97,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। 

Share:

ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਉਤੇ ਆਧਾਰਤ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਅਤੇ ਮਾੜੀ ਭਾਵਨਾ ਕਾਰਨ ਸੂਬਾ ਵਿਕਾਸ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਉਹ ਸਮਾਂ ਸੀ, ਜਦੋਂ ਉਦਯੋਗ ਸੰਕਟ ਵਿੱਚ ਸੀ, ਡਰੱਗ ਮਾਫੀਆ ਅਤੇ ਗੈਂਗਸਟਰ ਪਹਿਲਾਂ ਦੇ ਸ਼ਾਸਕਾਂ ਦੀ ਖੁੱਲ੍ਹੀ ਸਰਪ੍ਰਸਤੀ ਹੇਠ ਵੱਧ-ਫੁੱਲ ਰਹੇ ਸਨ ਅਤੇ ਪੰਜਾਬ ਦਾ ਵਿਕਾਸ ਪਟੜੀ ਤੋਂ ਉਤਰ ਚੁੱਕਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕੀਤਾ ਹੈ।

ਪੰਜਾਬ ਵਿੱਚ 17 ਟੌਲ ਪਲਾਜ਼ਾ ਬੰਦ ਕੀਤੇ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਲਗਭਗ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਜੋ ਗਰੰਟੀਆਂ ਨਹੀਂ ਦਿੱਤੀਆਂ ਗਈਆਂ ਸਨ, ਉਹ ਵੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਰੋਜ਼ਾਨਾ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ 17 ਟੌਲ ਪਲਾਜ਼ਾ ਬੰਦ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਲਾਗੂ ਕੀਤਾ ਗਿਆ ਹੈ।

ਸੂਬੇ ਵਿੱਚ 15947 ਰਜਵਾਹਿਆਂ ਨੂੰ ਕੀਤਾ ਸੁਰਜੀਤ 

ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ 153 ਬਲਾਕਾਂ ਵਿੱਚੋਂ 117 ਵਿੱਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਗਿਆ ਹੈ, ਜੋ ‘ਡਾਰਕ ਜ਼ੋਨ’ ਵਾਲੇ ਖੇਤਰ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੋਈ ਯਤਨ ਨਹੀਂ ਕੀਤਾ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਕਦੇ ਵੀ ਨਹਿਰੀ ਪਾਣੀ ਨਹੀਂ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਉੱਤੇ ਪਹੁੰਚਿਆ ਹੈ।

2022 ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੁਲਾਈ 2022 ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਜਿਸ ਤੋਂ ਬਾਅਦ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਫਰਮ ਤੋਂ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਥਰਮਲ ਪਲਾਂਟ ਦਾ ਨਾਮ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 97,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਮੋਹਰੀ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣਾ ਕਾਰੋਬਾਰ ਫੈਲਾਉਣ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸਰੋਤਾਂ ਅਤੇ ਵਧੀਆ ਉਦਯੋਗਿਕ ਅਤੇ ਕੰਮ-ਕਾਜੀ ਸੱਭਿਆਚਾਰ ਵਾਲੇ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈ ਰਹੀਆਂ ਹਨ।

ਇਹ ਵੀ ਪੜ੍ਹੋ