ਕਾਲੀਆਂ ਐਨਕਾਂ ਲਗਾ ਕੇ ਵਿਧਾਨ ਸਭਾ ਪੁੱਜੇ CM ਮਾਨ, ਖੇਤੀਬਾੜੀ ਮੰਡੀਕਰਨ ਨੀਤੀ ਕੀਤੀ ਰੱਦ 

ਵਿਸ਼ੇਸ਼ ਸੈਸ਼ਨ ਦੌਰਾਨ ਅਵਾਰਾ ਕੁੱਤਿਆਂ, ਗੈਰ ਕਾਨੂੰਨੀ ਕਾਲੋਨੀਆਂ, ਤਰਨਤਾਰਨ ਸ਼ਰਾਬ ਫੈਕਟਰੀ ਦਾ ਮੁੱਦਾ ਵੀ ਉੱਠਿਆ। ਦਿੱਲੀ 'ਚ ਭਾਜਪਾ ਸਰਕਾਰ ਬਣਦੇ ਹੀ ਭੀਮ ਰਾਓ ਅੰਬੇਡਕਰ ਜੀ ਦੀ ਫੋਟੋ ਹਟਾਉਣ ਦੀ ਨਿੰਦਾ ਵੀ ਕੀਤੀ ਗਈ। 

Courtesy: ਪੰਜਾਬ ਵਿਧਾਨ ਸਭਾ 'ਚ ਖੇਤੀਬਾੜੀ ਮੰਡੀਕਰਨ ਨੀਤੀ ਰੱਦ ਕੀਤੀ ਗਈ।

Share:

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ਨੀਤੀ ਵਿੱਚ ਨਿੱਜੀ ਮੰਡੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮੌਜੂਦਾ ਮੰਡੀ ਪ੍ਰਣਾਲੀ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਰਾਜਾਂ ਦੇ ਅਧਿਕਾਰਾਂ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਇਹ ਮੁੱਦਾ ਕੇਂਦਰ ਸਰਕਾਰ ਸਾਹਮਣੇ ਉਠਾਇਆ ਜਾਵੇਗਾ ਕਿ ਉਹ ਪੰਜਾਬ ਦੇ ਹੱਕਾਂ ਵਿੱਚ ਦਖਲ ਨਾ ਦੇਵੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਅਧਿਕਾਰਾਂ 'ਤੇ ਹਮਲਾ ਹੈ। ਇਸਨੂੰ ਰੱਦ ਕਰਨ ਤੋਂ ਬਾਅਦ ਅਸੀਂ ਹੁਣ ਇਸਨੂੰ ਕੇਂਦਰ ਸਰਕਾਰ ਨੂੰ ਭੇਜਾਂਗੇ। ਦੱਸ ਦਈਏ ਕਿ ਸੀਐਮ ਭਗਵੰਤ ਮਾਨ ਕਾਲੀਆਂ ਐਨਕਾਂ ਲਗਾ ਕੇ ਵਿਧਾਨ ਸਭਾ ਪਹੁੰਚੇ। ਮਾਨ ਨੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ। 

ਸਦਨ 'ਚ ਅਵਾਰਾ ਕੁੱਤਿਆਂ ਦਾ ਮੁੱਦਾ ਉੱਠਿਆ 

ਇਸਤੋਂ ਪਹਿਲਾਂ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਪਸ਼ੂ ਜਨਮ ਕੰਟਰੋਲ ਕੇਂਦਰ ਖੋਲ੍ਹੇ ਜਾਣਗੇ। ਵਿਧਾਨ ਸਭਾ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਆਤੰਕ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਵਿਧਾਇਕਾਂ ਨੇ ਇਹ ਮੁੱਦਾ ਉਠਾਇਆ ਸੀ ਕਿ ਪਿਛਲੇ ਕੁਝ ਮਹੀਨਿਆਂ ਤੋਂ ਕੁੱਤਿਆਂ ਦੇ ਕੱਟਣ ਦੇ ਮਾਮਲੇ ਵੱਧ ਰਹੇ ਹਨ। ਇਸ ਕਾਰਨ ਸੰਗਰੂਰ ਵਿੱਚ ਤਿੰਨ ਬੱਚਿਆਂ ਦੀ ਮੌਤ ਵੀ ਹੋ ਗਈ ਹੈ। ਪ੍ਰਸ਼ਨ ਕਾਲ ਦੌਰਾਨ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ 10 ਅਤੇ 15 ਸਾਲਾਂ ਤੋਂ ਬਲਾਕ ਅਤੇ ਪੰਚਾਇਤ ਸੰਮਤੀ ਵਿੱਚ ਇੱਕ ਸੀਟ 'ਤੇ ਬੈਠੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਜਾਵੇਗਾ। ਇਸਦੇ ਨਾਲ ਹੀ ਸਪੀਕਰ ਨੇ ਕਿਹਾ ਕਿ ਪੰਚਾਇਤਾਂ ਵਿੱਚ ਸਰਪੰਚਾਂ ਦਾ ਮਾਣ-ਸਨਮਾਨ ਬਹਾਲ ਕੀਤਾ ਜਾਣਾ ਚਾਹੀਦਾ ਹੈ। 

ਬਿਜਲੀ ਮੰਤਰੀ ਅਤੇ ਬਾਜਵਾ ਵਿਚਕਾਰ ਕਾਫੀ ਬਹਿਸ 

ਵਿਧਾਨ ਸਭਾ ਵਿੱਚ ਉਦੋਂ ਹੰਗਾਮਾ ਹੋਇਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਵਿਭਾਗ 'ਤੇ ਦਿੱਲੀ ਚੋਣਾਂ ਲਈ ਹੁਸ਼ਿਆਰਪੁਰ ਦੇ ਇੱਕ ਐਸ.ਈ ਤੋਂ ਪੈਸੇ ਮੰਗਣ ਦਾ ਦੋਸ਼ ਲਗਾਇਆ। ਇਸ ਮੁੱਦੇ 'ਤੇ ਬਿਜਲੀ ਮੰਤਰੀ ਅਤੇ ਬਾਜਵਾ ਵਿਚਕਾਰ ਕਾਫੀ ਬਹਿਸ ਹੋਈ। ਬਾਜਵਾ ਨੇ ਕਿਹਾ ਕਿ ਸਾਬਕਾ ਵਿਜੀਲੈਂਸ ਅਧਿਕਾਰੀ ਨੇ 48 ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਸੌਂਪੀ ਸੀ। ਉਨ੍ਹਾਂ ਨੇ ਇਹ ਪੱਤਰ ਮੁੱਖ ਸਕੱਤਰ ਨੂੰ ਲਿਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਗੈਰ-ਕਾਨੂੰਨੀ ਕਲੋਨੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਗੈਰ-ਕਾਨੂੰਨੀ ਕਲੋਨੀਆਂ ਦੀ ਉਸਾਰੀ ਨੂੰ ਰੋਕਣ ਲਈ ਯਤਨ ਕਰ ਰਹੀ ਹੈ। ਦੂਜੇ ਪਾਸੇ, RERA ਤੋਂ ਰਜਿਸਟ੍ਰੇਸ਼ਨ ਸਰਟੀਫਿਕੇਟ ਸਮੇਂ ਸਿਰ ਪ੍ਰਾਪਤ ਨਹੀਂ ਹੁੰਦਾ। RERA ਤੋਂ ਜਲਦੀ ਸਰਟੀਫਿਕੇਟ ਪ੍ਰਾਪਤ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ ਤਾਂ ਜੋ ਗੈਰ-ਕਾਨੂੰਨੀ ਕਲੋਨੀਆਂ ਨੂੰ ਰੋਕਿਆ ਜਾ ਸਕੇ।

ਤਰਨਤਾਰਨ ਸ਼ਰਾਬ ਫੈਕਟਰੀ ਦਾ ਮੁੱਦਾ ਉਠਿਆ

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 130 ਲੋਕਾਂ ਦੀ ਮੌਤ ਹੋ ਗਈ ਸੀ, ਇਸਦੇ ਮੁਲਜ਼ਮਾਂ ਚੋਂ ਕਈ ਮੰਤਰੀ ਵਿਧਾਇਕ ਅਤੇ ਮੁੱਖ ਮੰਤਰੀ ਦੇ ਕਰੀਬੀ ਸਨ। ਹੁਣ ਇਸ 'ਤੇ ਈਡੀ ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਨੇ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਹੋਣ ਦਿੱਤੀ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾ ਦਿੱਤੀ ਹੈ। ਇਸ ਸੰਬੰਧੀ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ ਕੀਤਾ ਜਾਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਇਸਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ 'ਤੇ ਵੀ ਚਰਚਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ