ਦੀਵਾਲੀ ਦਾ ਤੋਹਫ਼ਾ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

ਦੀਵਾਲੀ ਤੋਂ ਪਹਿਲਾਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਖੁਸ਼ਖਬਰੀ ਆਈ ਹੈ। ਕਰੀਬ ਤਿੰਨ ਹਜ਼ਾਰ ਡਰਾਈਵਰਾਂ ਅਤੇ ਕੰਡਕਟਰਾਂ ਲਈ ਇਹ ਰਾਹਤ ਦੀ ਖ਼ਬਰ ਹੈ।

Share:

ਪੰਜਾਬ ਨਿਊਜ. ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਕੰਮ ਕਰਦੇ ਕਰੀਬ ਤਿੰਨ ਹਜ਼ਾਰ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਠੇਕੇ 'ਤੇ ਕੰਮ ਕਰਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਰਹੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੇਸ ਤਿਆਰ ਕਰਕੇ ਜਲਦੀ ਹੀ ਕੈਬਨਿਟ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇ। ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਲਈ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਹੈ। 

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ 'ਤੇ ਵੀ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਤੁਰੰਤ ਐਸਓਪੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਭੱਤੇ ਵਿੱਚ

ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਹੁਣ ਸੂਬੇ ਵਿੱਚ ਰਾਤ ਦੇ ਠਹਿਰਨ ਲਈ 50 ਰੁਪਏ ਦੀ ਬਜਾਏ 85 ਰੁਪਏ ਦਿੱਤੇ ਜਾਣਗੇ ਅਤੇ ਦੂਜੇ ਰਾਜਾਂ ਵਿੱਚ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਤ ਦੇ ਠਹਿਰਨ ਦਾ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇੱਕ ਹਫ਼ਤਾ ਪਹਿਲਾਂ ਪੰਜਾਬ ਵਿੱਚ ਪਨਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਤੱਕ ਸਾਰੇ ਬੱਸ ਸਟੈਂਡ ਬੰਦ ਕਰ ਦਿੱਤੇ ਸਨ । ਬੱਸ ਸਟੈਂਡ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਈ ਵੀ ਬੱਸ ਨਹੀਂ ਚੱਲੀ। ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਰੱਖਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ