ਮੋਗਾ 'ਚ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਮੌਤ, ਨਸ਼ਾ ਛੁਡਾਊ ਕੇਂਦਰ ਤੇ ਲੱਗੇ ਕਤਲ ਦੇ ਦੋਸ਼

ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ

Share:

ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਇੱਕ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਾਸੀ ਪਿੰਡ ਮੀਨੀਆ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਪਰਿਵਾਰ ਨੇ ਲਾਇਆ ਦੋਸ਼

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਨਵਦੀਪ ਨਸ਼ੇ ਦਾ ਆਦੀ ਸੀ। ਜਿਸ ਕਾਰਨ ਉਸ ਨੂੰ 10 ਦਿਨ ਪਹਿਲਾਂ ਪੱਤੋ ਹੀਰਾ ਸਿੰਘ ਪਿੰਡ ਦੇ ਸ਼੍ਰੋਮਣੀ ਪੰਥ ਅਕਾਲੀ ਤਰਨਾ ਦਲ ਵੱਲੋਂ ਚਲਾਏ ਜਾ ਰਹੇ ਗੁਰੂ ਰਾਮਦਾਸ ਵਿਦਿਆਲਿਆ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਜਦੋਂ ਨਵਦੀਪ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਵਿਦਿਆਲਿਆ ਦੇ ਸੁਖਪਾਲ ਸਿੰਘ ਨੇ ਆਪਣੇ 4-5 ਅਣਪਛਾਤੇ ਦੋਸਤਾਂ ਨਾਲ ਮਿਲ ਕੇ ਸਥਾਨਕ ਬਾਜ਼ਾਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਉਸ ਤੇ ਹਮਲਾ ਕਰ ਦਿੱਤਾ।

 

ਮੁਲਜ਼ਮਾਂ ਦੀ ਭਾਲ ਲਈ ਕੀਤੀ ਜਾ ਰਹੀ ਛਾਪੇਮਾਰੀ

ਇਸ ਦੌਰਾਨ ਨਵਦੀਪ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਨਵਦੀਪ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਨਿਹਾਲ ਸਿੰਘ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਰਣਦੀਪ ਸਿੰਘ ਪੁੱਤਰ ਰਾਕੇਸ਼ ਸਿੰਘ ਦੇ ਬਿਆਨਾਂ 'ਤੇ ਸੁਖਪਾਲ ਸਿੰਘ ਅਤੇ 4-5 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ

Tags :