ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫੈਸਲੇ ਦਾ SGPC ਵਲੋਂ ਕਰੜਾ ਵਿਰੋਧ ਸ਼ੁਰੂ

ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਵਿੱਚ ਆਪਹੁਦਰੀ ਸੋਧ ਸਿੱਖ ਗੁਰਦੁਆਰਾ ਪ੍ਰਬੰਧਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਨੁਮਾਇੰਦਗੀ ਕਰਨ ਦਾ ਮਕਸਦ ਤਖ਼ਤ ਸਾਹਿਬ ਅਤੇ ਸਬੰਧਤ ਸਿੱਖ ਗੁਰਦੁਆਰਿਆਂ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ।

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਪ੍ਰਬੰਧਕ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫੈਸਲੇ ’ਤੇ ਇਤਰਾਜ਼ ਜਤਾਇਆ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਨਾਲ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਵਿੱਚ ਆਪਹੁਦਰੀ ਸੋਧ ਸਿੱਖ ਗੁਰਦੁਆਰਾ ਪ੍ਰਬੰਧਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਨੁਮਾਇੰਦਗੀ ਕਰਨ ਦਾ ਮਕਸਦ ਤਖ਼ਤ ਸਾਹਿਬ ਅਤੇ ਸਬੰਧਤ ਸਿੱਖ ਗੁਰਦੁਆਰਿਆਂ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ।

ਜਾਣੋ ਕੀ ਹੈ ਮਾਮਲਾ?

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ (ਨਾਂਦੇੜ) ਐਕਟ ਵਿੱਚ ਸੋਧ ਕੀਤੀ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਸੋਧੇ ਹੋਏ ਬਿੱਲ ਅਨੁਸਾਰ ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ। ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ।

ਫੈਸਲਾ ਸਿੱਖ ਗੁਰੂਧਾਮਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਸਿੱਧੀ ਕਾਰਵਾਈ 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿੱਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਸਿੱਖ ਗੁਰੂਧਾਮਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਸਿੱਧੀ ਕਾਰਵਾਈ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਧਾਮੀ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧ ਵਿੱਚ ਵੱਧ ਰਹੀ ਸਰਕਾਰੀ ਦਖ਼ਲਅੰਦਾਜ਼ੀ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ 1956 ਦੀ ਉਲੰਘਣਾ ਨੂੰ ਤੁਰੰਤ ਬੰਦ ਕਰਨ।

ਦਖਲ ਅੰਦਾਜ਼ੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ : ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਾਨੇ ਢੰਗ ਨਾਲ ਸੋਧ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਦਿੱਤੀ ਗਈ ਹੈ। ਮਹਾਰਾਸ਼ਟਰ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਆਪਣੇ ਪਵਿੱਤਰ ਤੀਰਥ ਅਸਥਾਨਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਅੰਦਾਜ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦਾ। 

ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ : ਡਾ.ਚੀਮਾ 

ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਸ ਫੈਸਲੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਰਹਿ ਗਈ ਹੈ। ਇੱਥੋਂ ਤੱਕ ਕਿ ਚੀਫ਼ ਖ਼ਾਲਸਾ ਦੀਵਾਨ ਅਤੇ ਹਜ਼ੂਰੀ ਸੱਚਖੰਡ ਦੀਵਾਨ ਦੀਆਂ ਨਾਮਜ਼ਦਗੀਆਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ। ਡਾ.ਚੀਮਾ ਨੇ ਕਿਹਾ ਕਿ ਲੱਗਦਾ ਹੈ ਕਿ ਏਕਨਾਥ ਸ਼ਿੰਦੇ ਸਰਕਾਰ ਮਨਮਾਨੇ ਢੰਗ ਨਾਲ ਗੁਰਦੁਆਰਾ ਬੋਰਡ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਸਿੱਖ ਸੰਗਤ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
 

ਇਹ ਵੀ ਪੜ੍ਹੋ