ਬਿਜਲੀ ਮੰਤਰੀ ਦਾ ਵਿਰੋਧੀ ਧਿਰਾਂ 'ਤੇ ਵਾਰ, ਪੰਜਾਬ ਦਾ ਸਰਕਾਰੀ ਖ਼ਜ਼ਾਨਾ ਲੁੱਟਣ ਵਾਲੇ ਬਖ਼ਸ਼ੇ ਨਹੀਂ ਜਾਣਗੇ

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਵਿਰੋਧੀ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਏ ਹਨ। ਲੋਕਾਂ ਦੀ ਇਹ ਮੰਗਾਂ ਪਹਿਲੀਆਂ ਸਰਕਾਰਾਂ ਦੇ ਨੁਮਾਇੰਦੇ ਵੀ ਪੂਰੀਆਂ ਕਰ ਸਕਦੇ ਸਨ ਪਰ ਉਨ੍ਹਾਂ ਦਾ ਏਜੰਡਾ ਲੋਕਾਂ ਦਾ ਵਿਕਾਸ ਨਾ ਹੋ ਕੇ ਉਨ੍ਹਾਂ ਦਾ ਆਪਣਾ ਨਿੱਜੀ ਵਿਕਾਸ ਸੀ।

Share:

ਹਾਈਲਾਈਟਸ

  • ਮਾਨ ਸਰਕਾਰ ਵੱਲੋਂ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵੀ ਉਤਾਰਿਆ ਜਾ ਰਿਹਾ ਹੈ

ਮਹਿੰਗੇ ਬਿਜਲੀ ਸਮਝੌਤਿਆਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਬੇਨਿਯਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਸੋਲਰ ਬਿਜਲੀ ਦੇ ਪਿਛਲੀਆਂ ਸਰਕਾਰਾਂ ਸਮੇਂ 5 ਰੁਪਏ ਤੋਂ 18 ਰੁਪਏ ਪ੍ਰਤੀ ਯੂਨਿਟ ਦੇ ਸਮਝੌਤੇ ਹੋਏ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਮਝੌਤਾ ਕੀਤਾ ਹੈ। ਜਿਨ੍ਹਾਂ ਨੇ ਵੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ, ਉਹ ਬਖ਼ਸ਼ੇ ਨਹੀਂ ਜਾਣਗੇ। ਇਹ ਗੱਲ  ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਦੇ ਮੌਕੇ ਕਹੀ ਗਈ। 

5 ਕਰੋੜ ਹੋਣਗੇ ਖਰਚ

ਈਟੀਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਸਬ ਸਟੇਸ਼ਨ ਦੀ ਉਸਾਰੀ ਉੱਪਰ 5 ਕਰੋੜ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 66 ਕੇਵੀ ਸਬ ਸਟੇਸਨ, ਪਿੰਡ ਚੱਕ ਅਰਾਈਆਂ ਦੀ ਉਸਾਰੀ ਤੋਂ ਬਾਅਦ ਇਲਾਕੇ ਦੇ 21 ਪਿੰਡਾਂ ਚੱਕ ਅਰਾਈਆਂ, ਪੂਰੋਵਾਲ ਅਰਾਈਆਂ, ਸਿੰਘੋਵਾਲ, ਪਰਸੋ ਕਾ ਪਿੰਡ, ਦਾਖਲਾ, ਕੋਟਲੀ ਮੋਈਆਂ, ਚੌੜ ਸਿੱਧਵਾਂ, ਨਰਪੁਰ, ਵਰਸੋਲਾ, ਛੰਬ, ਮਸੀਤ, ਲੱਖੋਵਾਲ, ਮੁਸਤਫ਼ਾਬਾਦ ਸੈਦਾਂ, ਹੇਮਰਾਜਪੁਰ, ਵਰ੍ਹਿਆਂ, ਤੁੰਗ, ਖੋਖਰ, ਦਬੂੜੀ, ਧੂਤ, ਰਾਵਲਪਿੰਡੀ ਅਤੇ ਕਾਲਾ ਨੰਗਲ ਪਿੰਡਾਂ ਨੂੰ ਨਿਰਵਿਗਨ ਬਿਜਲੀ ਸਪਲਾਈ ਮਿਲੇਗੀ।

90 ਫੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਵਰਕਾਮ ਵੱਲੋਂ ਰਾਜ ਦੇ ਸਾਰੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ ਹੁਣ 90 ਫੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਪੰਜਾਬ ਸਰਕਾਰ ਦੀ ਪਛਵਾੜਾ ਕੋਲਾ ਖਾਣ ਪੂਰੀ ਸਮਰੱਥਾ ਨਾਲ ਕੰਮ ਕਰ ਰਹੀ ਹੈ ਅਤੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਘਾਟ ਨਹੀਂ ਹੈ। 

 

ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ

ਬਿਜਲੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਗੋਇੰਦਵਾਲ ਦਾ ਇੱਕ ਪ੍ਰਾਇਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਰਕਾਰੀ ਪ੍ਰਾਪਰਟੀ ਵੇਚਦੀਆਂ ਸਨ ਪਰ ਮਾਨ ਸਰਕਾਰ ਨੇ ਉੱਲਟਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਜੋ ਪਾਵਰਕਾਮ ਘਾਟੇ ਵਿੱਚ ਚੱਲ ਰਿਹਾ ਸੀ ਉਹ ਇਸ ਸਮੇਂ 564 ਕਰੋੜ ਰੁਪਏ ਦੇ ਫ਼ਾਇਦੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵੀ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਸੁਧਾਰਾਂ ਦਾ ਜਿਕਰ ਵੀ ਕੀਤਾ।  

ਇਹ ਵੀ ਪੜ੍ਹੋ