1 ਸਾਲ ਬਾਅਦ ਵੀ ਨਿਗਮ ਚੋਣਾਂ ਨਾ ਕਰਵਾਉਣ ਦੇ ਮਾਮਲੇ ਦੀ ਹਾਈ ਕਰੋਟ ਵਿੱਚ ਹੋਈ ਸੁਣਵਾਈ, ਜਾਣੋ ਕੀ ਹੁਕਮ ਕੀਤੇ ਜਾਰੀ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਕੇਸ ਦੀ ਅਗਲੀ ਸੁਣਵਾਈ 21 ਮਾਰਚ ਲਈ ਤੈਅ ਕੀਤੀ ਗਈ ਹੈ।

Share:

ਪੰਜਾਬ ਦੀਆਂ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ 'ਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਕੇਸ ਦੀ ਅਗਲੀ ਸੁਣਵਾਈ 21 ਮਾਰਚ ਲਈ ਤੈਅ ਕੀਤੀ ਗਈ ਹੈ। ਪਿਛਲੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਨਗਰ ਨਿਗਮਾਂ ਦੀ ਵਾਰਡਬੰਦੀ ਸਬੰਧੀ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ। ਅਜਿਹੇ 'ਚ ਸੁਪਰੀਮ ਕੋਰਟ 'ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੀ ਅਗਲੀ ਸੁਣਵਾਈ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਅਦਾਲਤ ਵੱਲੋਂ ਅੱਜ ਦੀ ਤਰੀਕ ਤੈਅ ਕੀਤੀ ਗਈ। 

ਲੋਕਾਂ ਨੂੰ ਜਮਹੂਰੀ ਹੱਕਾਂ ਤੋਂ ਰੱਖਿਆ ਗਿਆ ਵਾਂਝਾ 

ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਵਿੱਚ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੀ ਪ੍ਰਬੋਧ ਚੰਦਰ ਬਾਲੀ ਨੇ ਆਪਣੇ ਵਕੀਲ ਐਚ.ਸੀ. ਅਰੋੜਾ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕਿਹਾ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਲੋੜ ਸੀ। ਇਹ ਭਾਰਤ ਦੇ ਸੰਵਿਧਾਨ ਦੀ ਧਾਰਾ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨਜ਼ ਐਕਟ ਦੀ ਧਾਰਾ 7 ਅਧੀਨ ਕੀਤਾ ਜਾਣਾ ਹੈ। ਚੋਣਾਂ ਨਾ ਕਰਵਾ ਕੇ ਰਾਜ ਸਰਕਾਰ ਨੇ ਲਗਭਗ ਇੱਕ ਸਾਲ ਤੋਂ ਲੋਕਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕਾਂ ਤੋਂ ਵਾਂਝਾ ਰੱਖਿਆ ਹੈ। ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਨੂੰ ਨੋਟੀਫਾਈ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ