ਵਿਧਾਨ ਸਭਾ ਜਾਣਗੇ ਪਰਾਲੀ ਨਾ ਸਾੜਨ ਵਾਲੇ ਕਿਸਾਨ

ਵਾਤਾਵਰਨ ਦੀ ਸੰਭਾਲ ਲਈ ਮਿਸਾਲ ਪੇਸ਼ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਸਨਮਾਨ ਦੇਵੇਗੀ। ਇਸਦੇ ਲਈ ਵੱਡੇ ਪੱਧਰ ਉਪਰ ਸਮਾਗਮ ਹੋਵੇਗਾ।

Share:

ਪੰਜਾਬ ਅੰਦਰ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਉਪਰਾਲੇ ਜਾਰੀ ਹਨ। ਹੁਣ ਸਰਕਾਰ ਨੇ ਵਿਸ਼ੇਸ਼ ਯੋਜਨਾ ਬਣਾਈ ਹੈ ਕਿ ਜਿਹੜੇ ਕਿਸਾਨ ਪਰਾਲੀ ਨਹੀਂ ਸਾੜਨਗੇ ਉਹ ਵਿਧਾਨ ਸਭਾ ਜਾਣਗੇ। ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤਾਂ ਅਤੇ ਵਾਤਾਵਰਨ ਦੀ ਸੁਚੱਜੀ ਸੁਰੱਖਿਆ ਵਿੱਚ ਇਸ ਭੈੜੀ ਪ੍ਰਥਾ ਤੋਂ ਬਚਣ ਲਈ ਪ੍ਰੇਰਿਆ ਹੈ। 
 
ਖੇਤੀਬਾੜੀ ਅਫ਼ਸਰ ਤਿਆਰ ਕਰਨਗੇ ਸੂਚੀ 
 
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਜਿਹੇ ਸੂਝਵਾਨ ਕਿਸਾਨਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਸੂਬਾ ਸਰਕਾਰ ਤਹਿ ਦਿਲੋਂ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਤਾਂ ਜੋ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾ ਸਕੇ। ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਸੂਬੇ ਭਰ ਵਿੱਚ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਵੀ ਸਨਮਾਨਿਤ ਕੀਤਾ ਜਾਵੇਗਾ। ਸਪੀਕਰ ਨੇ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ