13 ਫਰਵਰੀ ਨੂੰ ਕਿਸਾਨ ਕਰਨਗੇ Delhi ਕੂਚ,ਪਿੰਡਾਂ ਵਿੱਚ ਮੀਟਿੰਗਾਂ ਕਰ ਕੀਤੀਆਂ ਜਾ ਰਹੀਆਂ ਤਿਆਰੀਆਂ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਅੰਦੋਲਨ ਅਣਮਿੱਥੇ ਸਮੇਂ ਲਈ ਹੈ। ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

Share:

Punjab News: ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਣ ਦੇ ਅਸਾਰ ਨਜ਼ਰ ਆ ਰਹੇ ਹਨ। ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਸ਼ੰਭੂ, ਡੱਬਵਾਲੀ ਅਤੇ ਸੰਗਰੂਰ ਨੇੜੇ ਖਨੌਰੀ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਗੀਆਂ। ਇਸ ਸਬੰਧੀ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪੁੱਜਣ ਲਈ ਕਿਹਾ ਜਾ ਰਿਹਾ ਹੈ। ਇੱਕ ਵੱਡੀ ਕਿਸਾਨ ਲਹਿਰ ਖੜ੍ਹੀ ਕਰਨ ਦੇ ਇਰਾਦੇ ਨਾਲ ਪਿੰਡ-ਪਿੰਡ ਜਾ ਕੇ ਰਾਸ਼ਨ, ਫੰਡ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਇਸ ਅੰਦੋਲਨ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇਗੀ।

ਸੰਯੁਕਤ ਕਿਸਾਨ ਮੋਰਚਾ ਨੇ ਬਣਾਈ ਦੂਰੀ

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ  ਨੇ ਇਸ ਵਾਰ ਆਪਣੇ ਆਪ ਨੂੰ ਦਿੱਲੀ ਮਾਰਚ ਤੋਂ ਦੂਰ ਰੱਖਿਆ ਹੈ ਪਰ ਐਸਕੇਐਮ ਨੇ ਲੋਕਾਂ ਨੂੰ 16 ਫਰਵਰੀ ਨੂੰ ਉਦਯੋਗਿਕ ਅਤੇ ਖੇਤਰੀ ਹੜਤਾਲ ਅਤੇ ਗ੍ਰਾਮੀਣ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਕਿਸਾਨ ਮੋਰਚੇ ਵਿੱਚ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹਨ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾ ਤਾਂ ਦਸੰਬਰ 2021 ਵਿੱਚ ਦਿੱਲੀ ਅੰਦੋਲਨ ਨੂੰ ਚੁੱਕਣ ਸਮੇਂ ਕੀਤੇ ਵਾਅਦੇ ਪੂਰੇ ਕੀਤੇ ਅਤੇ ਨਾ ਹੀ 2014 ਅਤੇ 2019 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ। ਭਾਰਤੀ ਕਿਸਾਨ ਨੌਜਵਾਨ ਯੂਨੀਅਨ ਦੇ ਪ੍ਰਧਾਨ ਅਭਿਮਨਿਊ ਕੁਹਾੜ ਨੇ ਦੱਸਿਆ ਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਅੰਬਾਲਾ ਨੇੜੇ ਸ਼ੰਭੂ ਸਰਹੱਦ, ਸਿਰਸਾ ਜ਼ਿਲ੍ਹੇ ਦੀ ਡੱਬਵਾਲੀ ਸਰਹੱਦ ਅਤੇ ਸੰਗਰੂਰ ਨੇੜੇ ਖਨੌਰੀ ਸਰਹੱਦ ਤੋਂ ਆਪਣਾ ਟਰੈਕਟਰ ਮਾਰਚ ਸ਼ੁਰੂ ਕਰਕੇ ਦਿੱਲੀ ਪੁੱਜਣਗੇ।

ਹਾਈ ਅਲਰਟ ਤੇ ਪੁਲਿਸ,ਡੀਸੀ ਅਤੇ ਐਸਐਸਪੀਜ਼ ਨੂੰ ਹਦਾਇਤਾ ਜਾਰੀ

ਕਿਸਾਨਾਂ ਦੇ ਦ੍ਰਿੜ ਰਵੱਈਏ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਇਹਤਿਆਤ ਵਜੋਂ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਹੋਇਆ ਹੈ। ਪੰਜਾਬ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਸਾਰੇ ਡੀਸੀ ਅਤੇ ਐਸਐਸਪੀਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਹਰ ਕੀਮਤ 'ਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ। ਸਰਕਾਰ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਸਕਦੀ ਹੈ। ਵੀਰਵਾਰ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਵਿੱਚ ਵੀ ਇਸ ਸਬੰਧ ਵਿੱਚ ਚਰਚਾ ਹੋਈ। ਹਾਲਾਂਕਿ ਅਜੇ ਤੱਕ ਇਸ ਦੇ ਅਧਿਕਾਰਤ ਆਦੇਸ਼ ਨਹੀਂ ਆਏ ਹਨ।

ਇਹ ਵੀ ਪੜ੍ਹੋ