Governor Kataria ਦਾ ਨਸ਼ੇ ਦੇ ਖਿਲਾਫ ਪੈਦਲ ਮਾਰਚ, ਕਿਹਾ-ਸੂਰਮਿਆਂ ਦੀ ਧਰਤੀ ’ਤੇ ਨਸ਼ੇ ਲਈ ਕੋਈ ਥਾਂ ਨਹੀਂ

ਉਨ੍ਹਾਂ ਪੰਜਾਬੀਆਂ ਨੂੰ ਮਹਾਨ ਵਿਰਸਾ ਯਾਦ ਕਰਵਾਉਂਦੇ ਹੋਏ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਜਦੋਂ ਅਮਰੀਕਾ ਵੱਲੋਂ ਅਨਾਜ ਲਈ ਹੱਥ ਖਿੱਚ ਲਿਆ ਗਿਆ ਸੀ ਤਾਂ ਉਸ ਮੌਕੇ ਪੰਜਾਬ ਨੇ ਹੀ ਦੇਸ ਦੇ ਅਨਾਜ ਦੇ ਭੰਡਾਰ ਭਰੇ ਸਨ। ਇਸ ਲਈ ਹੁਣ ਜਦੋਂ ਪੰਜਾਬ ਅੱਗੇ ਨਸ਼ਿਆਂ ਦੀ ਚਣੌਤੀ ਬਣ ਖੜ੍ਹੀ ਹੈ ਤਾਂ ਸਾਨੂੰ ਫ਼ਿਰ ਤੋਂ ਇੱਕ ਵਾਰ ਜਨ ਅੰਦੋਲਨ ਦੇ ਰੂਪ ’ਚ ਇਸ ਦੇ ਖਾਤਮੇ ਲਈ ਉੱਠ ਖੜ੍ਹੇ ਹੋਣਾ ਚਾਹੀਦਾ ਹੈ।

Share:

Governor Kataria's march against drugs : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਗੁਲਾਬ ਚੰਦ ਕਟਾਰੀਆ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣ ਕਿਉਂਕਿ ਗੁਰੂਆਂ, ਪੈਗੰਬਰਾਂ ਅਤੇ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ।  ਵੀਰਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਹਜ਼ਾਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਹਮੇਸ਼ਾਂ ਹੀ ਬਾਹਰੀ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਣ ਵਾਲੇ ਬਹਾਦਰ ਪੰਜਾਬੀ ਹੁਣ ਨਸ਼ਿਆਂ ਵਿਰੁੱਧ ਇਸ ਯੁੱਧ ਵਿੱਚ ਵੀ ਫ਼ਤਹਿ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰੇਕ ਵਰਗ ਦਾ ਸਾਥ ਲਿਆ ਜਾਵੇਗਾ। 

ਸਰਕਾਰ ਵੱਲੋਂ ਆਰੰਭੀ ਲੜਾਈ ’ਚ ਮੰਗਿਆ ਸਾਥ

ਰਾਜਪਾਲ ਕਟਾਰੀਆ ਨੇ ਆਖਿਆ ਕਿ ਪੰਜਾਬ ਦੀ ਧਰਤੀ ਧਰਮ ਅਤੇ ਸੰਸਕ੍ਰਿਤੀ ਦੀ ਰੱਖਿਆ ਦੀ ਪ੍ਰਤੀਕ ਹੈ। ਇੱਥੋਂ ਦੀ ਧਰਤੀ ਨੇ ਜ਼ੁਲਮ ਵਿਰੁੱਧ ਬਲੀਦਾਨ ਦਿੱਤੇ ਹਨ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਸਰਹਿੰਦ ਵਿੱਚ ਧਰਮ ਦੀ ਰੱਖਿਆ ਖਾਤਰ ਦੀਵਾਰ ’ਚ ਚਿਣ ਕੇ ਸ਼ਹੀਦ ਕੀਤੇ ਗਏ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਵੱਲੋਂ ਕ੍ਰਮਵਾਰ 9 ਅਤੇ 7 ਸਾਲ ਦੀ ਉਮਰ ਵਿੱਚ ਜ਼ੁਲਮ ਦੀ ਇੰਤਹਾ ਵਿਰੁੱਧ ਦਿੱਤੇ ਸੁਨੇਹੇ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਵੀ ਜਦੋਂ ਉਸ ਥਾਂ ’ਤੇ ਜਾਈਏ ਤਾਂ ਅੱਖਾਂ ਨਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜਿਸ਼ ਦਾ ਸਾਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ’ਚ ਸਾਥ ਦੇਣਾ ਚਾਹੀਦਾ ਹੈ। ਰਾਜਪਾਲ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਉੁਨ੍ਹਾਂ ਕਿਹਾ ਕਿ ਜਦੋਂ ਕਿਸੇ ਕਾਰਜ ਨੂੰ ਸਮਾਜਿਕ ਰੂਪ ’ਚ ਕੀਤਾ ਜਾਵੇ ਤਾਂ ਸਫ਼ਲਤਾ ਜ਼ਰੂਰ ਮਿਲਦੀ ਹੈ। 

ਨਸ਼ਿਆਂ ਖਿਲਾਫ ਲਾਮਬੰਧ ਹੋਣ ਦੀ ਜ਼ਰੂਰਤ

ਰਾਜਪਾਲ ਨੇ ਅੱਗੇ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਜੋ ਸਾਡੇ ਦੇਸ਼ ਨਾਲ ਸਿੱਧ ਲੜਾਈ ਕਰਨ ਦੇ ਸਮਰੱਥ ਨਹੀਂ ਹੈ, ਉਸ ਵੱਲੋਂ ਹੁਣ ਲੁਕਵੀਂ ਲੜਾਈ ਕਰਦਿਆਂ ਨਸ਼ਿਆਂ ਰਾਹੀਂ ਸਾਡੀ ਨੌਜਵਾਨੀ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਹ ਮਨਸੂਬੇ ਕਦੀ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਤਸਕਰੀ ਦੇ ਕਈ ਢੰਗ ਤਰੀਕੇ ਵਰਤੇ ਜਾਂਦੇ ਹਨ ਜਿਨ੍ਹਾਂ ਵਿਚੋਂ ਇੱਕ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਾ ਭੇਜਣਾ ਵੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਫੋਰਸਾਂ ਲੋਕਾਂ ਦੇ ਸਹਿਯੋਗ ਨਾਲ ਡਰੋਨ ਗਤੀਵਿਧੀਆਂ ਉੱਪਰ ਵੀ ਰੋਕ ਲਗਾਉਣ ਵਿੱਚ ਕਾਫੀ ਹੱਦ ਤੱਕ ਸਫਲ ਹੋਈਆਂ ਹਨ ਅਤੇ ਇਸ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵੱਡੇ ਨਸ਼ਾ ਤਸਕਰਾਂ ਖਿਲਾਫ ਵੀ ਕਾਰਵਾਈ ਜਾਰੀ ਹੈ ਅਤੇ ਨਸ਼ੇ ਦਾ ਨੈਟਵਰਕ ਤੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਦਲ ਯਾਤਰਾ ਰਾਹੀਂ ਉਹ ਸੂਬਾ ਵਾਸੀਆਂ ਨੂੰ ਨਸ਼ਿਆਂ ਖਿਲਾਫ ਲਾਮਬੰਧ ਕਰ ਰਹੇ ਹਨ।

ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ 

ਡੇਰਾ ਬਾਬਾ ਨਾਨਕ ਵਿਖੇ ਪੈਦਲ ਯਾਤਰਾ ਦੌਰਾਨ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਵੀ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਰਾਜਪਾਲ ਪੰਜਾਬ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਰਾਜਪਾਲ ਪੰਜਾਬ ਵੱਲੋਂ ਲੋੜਵੰਦਾਂ ਨੂੰ ਰੈੱਡ ਕਰਾਸ ਸੋਸਾਇਟੀ ਵੱਲੋਂ ਟਰਾਈ ਸਾਈਕਲ ਵੀ ਵੰਡੇ। ਪੈਦਲ ਯਾਤਰਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਸ਼ੁਰੂ ਹੋ ਕੇ ਡੇਰਾ ਬਾਬਾ ਨਾਨਕ ਦੇ ਬਜ਼ਾਰਾਂ ਵਿਚੋਂ ਦੀ ਹੁੰਦੀ ਹੋਈ ਸੇਂਟ ਫਰਾਂਸਿਸ ਸਕੂਲ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਈ। ਯਾਤਰਾ ਦੇ ਅਖੀਰ ਵਿੱਚ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਵੀ ਚੁਕਾਈ ਗਈ।

ਇਹ ਵੀ ਪੜ੍ਹੋ