ਫ਼ਤਹਿਗੜ੍ਹ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦਰਬਾਰ ਸਾਹਿਬ ਮੱਥਾ ਟੇਕਿਆ। ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਰਾਜਪਾਲ ਨੇ ਕਿਹਾ ਕਿ ਇਸ ਮਹਾਨ ਸ਼ਹਾਦਤ ਨੇ ਵਿਲੱਖਣ ਮਿਸਾਲ ਕਾਇਮ ਕੀਤੀ। 

Share:

ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੂਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਗਿਆ ਅਤੇ ਇਸ ਮਹਾਨ  ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ।

ਅੰਤਿਮ ਦਿਨ ਵੀ ਲੱਖਾਂ ਦੀ ਤਾਦਾਦ 'ਚ ਸੰਗਤ

ਤਿੰਨ ਰੋਜ਼ਾ ਸ਼ਹੀਦੀ ਸਭਾ ਦੇ ਅੰਤਿਮ ਦਿਨ ਵੀ ਪਵਿੱਤਰ ਧਰਤੀ ਉਪਰ ਲੱਖਾਂ ਦੀ ਤਾਦਾਦ 'ਚ ਸੰਗਤ ਮੌਜੂਦ ਰਹੀ। ਤੜਕਸਾਰ ਹੀ ਗੁਰੂ ਘਰ ਅੰਦਰ ਮੱਥਾ ਟੇਕਣ ਲਈ ਲੰਬੀਆਂ ਲਾਇਨਾਂ ਲੱਗੀਆਂ। ਉਥੇ ਹੀ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਭੀੜ ਨੂੰ ਦੇਖਦੇ ਹੋਏ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ। ਦੱਸ ਦਈਏ ਕਿ ਸ਼ਹੀਦੀ ਸਭਾ ਦੇ ਦੂਜੇ ਦਿਨ ਸੀਐਮ ਭਗਵੰਤ ਮਾਨ ਆਪਣੀ ਪਤਨੀ ਸਮੇਤ ਮੱਥਾ ਟੇਕਣ ਆਏ ਸੀ। ਆਪ, ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰਨਾਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਆਏ।  

ਇਹ ਵੀ ਪੜ੍ਹੋ