ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੀ ਪਟਿਆਲਾ ਵਿਖੇ ਅਹਿਮ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੇ ਅਗਵਾਈ 'ਤੇ ਚਰਚਾ ਕੀਤੇ ਜਾਣ ਦੀ ਖ਼ਬਰ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਮੇਟੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪ੍ਰੰਤੂ, ਸ਼੍ਰੀ ਅਕਾਲ ਤਖਤ ਸਾਹਿਬ ਦੀ ਸਖਤੀ ਮਗਰੋਂ ਹਲਚਲ ਪੈਦਾ ਹੋ ਗਈ ਹੈ। ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। 

Courtesy: file photo

Share:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਟਿਆਲਾ ਵਿਖੇ ਹੋਣ ਜਾ ਰਹੀ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਕਮੇਟੀ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਹੋੋਣਗੇ। 

2 ਦਸੰਬਰ ਨੂੰ ਸੁਣਾਈ ਸੀ ਸਜ਼ਾ

ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨੇ ਕਾਨੂੰਨੀ ਰੁਕਾਵਟਾਂ ਦਾ ਹਵਾਲਾ ਦਿੰਦੇ ਹੋਏ ਇਸ ਸੱਤ ਮੈਂਬਰੀ ਕਮੇਟੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਖ਼ਤੀ ਤੋਂ ਬਾਅਦ ਇਸਨੂੰ ਲੈ ਕੇ  ਹਲਚਲ ਮਚ ਗਈ ਹੈ। 2 ਦਸੰਬਰ, 2024 ਨੂੰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਦਿੱਤੀ ਸੀ, ਜਿਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ ਸੀ। ਕਮੇਟੀ ਨੂੰ ਛੇ ਮਹੀਨਿਆਂ ਦੇ ਅੰਦਰ ਮੈਂਬਰਸ਼ਿਪ ਪ੍ਰਕਿਰਿਆ ਪੂਰੀ ਕਰਨ ਅਤੇ ਪਾਰਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 28 ਜਨਵਰੀ ਦੀ ਮੀਟਿੰਗ ਮੁਲਤਵੀ 

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ 28 ਜਨਵਰੀ 2025 ਨੂੰ 'ਸਿੰਘ ਸਾਹਿਬਾਨ' ਦੀ ਮੀਟਿੰਗ ਬੁਲਾਈ ਸੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਜਾਣੀ ਸੀ। ਪਰ, ਗਿਆਨੀ ਰਘਬੀਰ ਸਿੰਘ ਦੇ ਰੁਝੇਵਿਆਂ ਕਾਰਨ ਇਹ ਮੀਟਿੰਗ ਰੱਦ ਕਰ ਦਿੱਤੀ ਗਈ। ਇਸ ਵੇਲੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਗਿਆਨੀ ਰਘਬੀਰ ਸਿੰਘ ਦੇ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਹੀ ਸੰਭਵ ਹੋਵੇਗੀ। ਕਮੇਟੀ ਦੀ ਅੱਜ ਦੀ ਮੀਟਿੰਗ ਵਿੱਚ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ, ਪਾਰਟੀ ਦੇ ਅੰਦਰੂਨੀ ਸੁਧਾਰਾਂ ਅਤੇ ਆਉਣ ਵਾਲੀ ਚੋਣਾਂ ਤੇ ਲੀਡਰਸ਼ਿਪ ਲਈ ਰਣਨੀਤੀਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ