Bharat Band: ਹਰ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਨੂੰ ਤਿਆਰ ਰਹਿਣ ਦੇ ਨਿਰਦੇਸ਼, ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਦੀ ਅਪੀਲ

Bharat Band: ਕਿਸਾਨਾਂ ਦਾ ਕਹਿਣਾ ਹੈ ਕਿ ਬੰਦ ਦੌਰਾਨ ਐਂਬੂਲੈਂਸ, ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਅਤੇ ਵਿਆਹ ਸਮਾਗਮ ਲਈ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

Share:

Bharat Band: ਕਿਸਾਨ ਅੰਦੋਲਨ ਦਾ ਅਸਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕੱਲ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਹਾਈ ਅਲਰਟ ਤੇ ਹੈ। ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਬੰਦ ਦੌਰਾਨ ਐਂਬੂਲੈਂਸ, ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਅਤੇ ਵਿਆਹ ਸਮਾਗਮ ਲਈ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਅੱਜ ਵੀ ਰੇਲਾਂ ਰੋਕਣ ਦੇ ਨਾਲ-ਨਾਲ ਪੰਜਾਬ 'ਚ ਕਿਸਾਨਾਂ ਵੱਲੋਂ ਟੋਲ ਮੁਫ਼ਤ ਕੀਤਾ ਗਿਆ ਹੈ।

ਬੰਦ ਨੂੰ ਲੈ ਕੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਪੁਲਿਸ ਮੁਤਾਬਕ ਬੰਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਦੇ SSP-CP ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵੱਧ ਤੋਂ ਵੱਧ ਸਟਾਫ਼ ਫੀਲਡ ਵਿੱਚ ਹੀ ਰਹੇ। ਕਿਸਾਨ ਜਥੇਬੰਦੀਆਂ ਨੂੰ ਵੀ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਕਿਹਾ ਜਾ ਰਿਹਾ ਹੈ। ਪੁਲਿਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਅੰਦੋਲਨ ਦੌਰਾਨ ਪੰਜਾਬ ਵਿੱਚ ਠੱਪ ਹੋ ਰਹੀਆਂ ਇੰਟਰਨੈਟ ਸੇਵਾਵਾਂ ਨੂੰ ਬਹਾਲ ਕਰਨ ਲਈ ਕੇਂਦਰ ਤੋਂ ਮੰਗ ਵੀ ਕੀਤੀ ਜਾ ਰਹੀ ਹੈ।
 
ਸੂਬੇ ਦਾ ਮਾਹੌਲ ਖਰਾਬ ਨਾ ਕਰਨ ਸ਼ਰਾਰਤੀ ਅਨਸਰ, ਵਰਤੀ ਜਾ ਰਹੀ  ਚੌਕਸੀ 

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਾਈ ਅਲਰਟ 'ਤੇ ਹੈ। ਅੰਦੋਲਨ ਦੀ ਆੜ ਵਿੱਚ ਸ਼ਰਾਰਤੀ ਅਨਸਰ ਕਿਸੇ ਵੀ ਤਰ੍ਹਾਂ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਇਸ ਲਈ ਚੌਕਸੀ ਵਰਤੀ ਜਾ ਰਹੀ ਹੈ। ਸਾਈਬਰ ਸੈੱਲ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵਾਇਰਲ ਹੋ ਰਹੀਆਂ ਇੰਟਰਨੈੱਟ ਪੋਸਟਾਂ 'ਤੇ ਵੀ ਨਜ਼ਰ ਰੱਖ ਰਿਹਾ ਹੈ। ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਬਿਨਾਂ ਜਾਂਚ ਕੀਤੇ ਕੋਈ ਵੀ ਪੋਸਟ ਵਾਇਰਲ ਨਾ ਕਰਨ, ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

3 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ

ਦਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ 16 ਫਰਵਰੀ ਤੱਕ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਇੰਟਰਨੈਟ ਬੰਦ ਕਰਨ ਸਬੰਧੀ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਰਾਜ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਕੇਂਦਰ ਵੱਲੋਂ ਦਿੱਤੇ ਇਨ੍ਹਾਂ ਹੁਕਮਾਂ ਦੀ ਜਾਣਕਾਰੀ ਬੀਤੇ ਦਿਨ ਹੀ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਮੋਬਾਈਲ ਕੰਪਨੀਆਂ ਨੂੰ ਕੋਈ ਆਦੇਸ਼ ਨਹੀਂ ਦਿੱਤੇ ਗਏ ਹਨ। 

ਇਹ ਵੀ ਪੜ੍ਹੋ