ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਜਾ ਸਕਦੀ ਹੈ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜਾਂਚ, ਸ਼੍ਰੋਮਣੀ ਕਮੇਟੀ ਨੇ ਬੁਲਾਈ ਅੰਤ੍ਰਿਗ ਕਮੇਟੀ ਦੀ ਮੀਟਿੰਗ

ਬੀਤੇ ਕੱਲ੍ਹ ਹੀ ਇਸ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਫ਼ੈਸਲਾ ਬਦਲਣਾ ਪਿਆ, ਜਿਸ ਕਰਕੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਉਣੀ ਪਈ। ਸ਼੍ਰੋਮਣੀ ਕਮੇਟੀ ਦੇ ਸੂਚਨਾ ਵਿਭਾਗ ਨੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਹੈੱਡਕੁਆਰਟਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕਮੇਟੀ ਮੈਂਬਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

Share:

ਪੰਜਾਬ ਨਿਊਜ਼। ਇੱਕ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਆਈ ਸ਼ਿਕਾਇਤ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਵਾਈ ਜਾ ਸਕਦੀ ਹੈ। ਦੋ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਵਿੱਚ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਸੀ, ਜਿਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨਰਾਜ਼ ਸਨ।

ਰਘੁਵੀਰ ਸਿੰਘ ਨੇ ਫੋਨ ਕਰਕੇ ਨਾਰਾਜ਼ਗੀ ਜ਼ਾਹਰ ਕੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਤੋਂ ਬਾਅਦ ਗਿਆਨੀ ਰਘੁਵੀਰ ਸਿੰਘ ਨੇ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਫੋਨ ਕਰਕੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅੰਤ੍ਰਿੰਗ ਕਮੇਟੀ ਇੱਕ ਜਥੇਦਾਰ ਖਿਲਾਫ ਜਾਂਚ ਕਿਵੇਂ ਕਰ ਸਕਦੀ ਹੈ? ਇਹ ਅਧਿਕਾਰ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੈ।

ਜੇਕਰ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਕੋਈ ਸ਼ਿਕਾਇਤ ਹੈ ਤਾਂ ਇਸ ਦੀ ਜਾਂਚ ਸ੍ਰੀ ਹਰਮਿੰਦਰ ਸਾਹਿਬ ਦੇ ਹੈੱਡ ਗ੍ਰੰਥੀ ਤੋਂ ਹੀ ਕੀਤੀ ਜਾ ਸਕਦੀ ਹੈ। ਗਿਆਨੀ ਰਘਵੀਰ ਸਿੰਘ ਨੇ ਤਾਂ ਅਸਤੀਫਾ ਦੇਣ ਦੀ ਗੱਲ ਵੀ ਆਖੀ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲੀ ਦਲ ਦੀ ਹੋਰ ਸੀਨੀਅਰ ਲੀਡਰਸ਼ਿਪ ਨੇ ਕੱਲ੍ਹ ਦਿਨ ਭਰ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।