ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਹੋਏ ਵਿਵਾਦ ਦੇ ਖਿਲਾਫ਼ ਸਾਂਝਾ ਧਰਨਾ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਗੁਰਦੁਆਰਾ ਸਾਹਿਬ ਦੇ ਬਾਹਰ ਪੱਕਾ ਮੋਰਚਾ ਲਾਇਆ ਹੈ। ਇਸ ਸਾਂਝੇ ਧਰਨੇ ਵਿੱਚ 23 ਨਵੰਬਰ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਗਿਆ।

Share:

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਵਿਖੇ ਨਿਹੰਗ ਸਿੰਘਾਂ ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝਾ ਧਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਗੁਰਦੁਆਰਾ ਸਾਹਿਬ ਦੇ ਬਾਹਰ ਪੱਕਾ ਮੋਰਚਾ ਲਾਇਆ ਹੈ। ਇਸ ਸਾਂਝੇ ਧਰਨੇ ਵਿੱਚ 23 ਨਵੰਬਰ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਗਿਆ। ਧਰਨੇ ਦੌਰਾਨ ਉਹਨਾਂ ਨੇ ਕਿਹਾ ਕਿ ਸਰਕਾਰ ਨੇ ਪਵਿੱਤਰ ਗੁਰੂਧਾਮ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਸਰਕਾਰ ਨੂੰ ਜਗਾਉਣ ਲਈ ਰੋਜ਼ ਦਿੱਤਾ ਜਾਵੇਗਾ ਧਰਨਾ

ਧਰਨੇ ਦੇ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਜਥੇਬੰਦੀ ਨੇ ਸ਼ਿਰਕਤ ਕੀਤੀ ਅਤੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਅਤੇ ਇੰਜਨੀਅਰ ਸਵਰਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਰੋਜ਼ਾਨਾ ਇਹ ਧਰਨਾ ਦਿੱਤਾ ਜਾਵੇਗਾ।

ਕਾਰਵਾਈ ਨਾ ਕੀਤੀ ਤਾਂ ਇਹ ਹੋਰ ਤੇਜ਼ ਕੀਤਾ ਜਾਵੇਗਾ ਰੋਸ 

ਧਰਨੇ ਵਿੱਚ ਸੂਬੇ ਦੇ ਵੱਖ-ਵੱਖ ਹਲਕਿਆਂ ਤੋਂ ਲੋਕ ਸ਼ਿਰਕਤ ਕਰਨਗੇ। ਧਰਨਾਕਾਰਿਆਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਇਹ ਹਿੰਸਕ ਘਟਨਾ ਵਾਪਰੀ ਹੈ। ਇਸ ਵਿੱਚ ਹੋਮ ਗਾਰਡ ਦੇ ਜਵਾਨ ਦੀ ਮੌਤ ਲਈ ਪੰਜਾਬ ਦੇ ਮੁੱਖ ਮੰਤਰੀ ਜ਼ਿੰਮੇਵਾਰ ਹਨ, ਕਿਉਂਕਿ ਉਹ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕੀਤੀ ਤਾਂ ਇਹ ਰੋਸ ਹੋਰ ਤੇਜ਼ ਕੀਤਾ ਜਾਵੇਗਾ। ਇਸ ਧਰਨੇ ਨੂੰ ਅਗਲੇ ਦਿਨ ਹੋਰ ਤਿੱਖਾ ਕਰਨ ਦੀ ਗੱਲ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਗੁਰਦੁਆਰਾ ਸਾਹਿਬ ਅੰਦਰ ਹੋਈ ਬੇਅਦਬੀ ਦੀ ਜ਼ਿੰਮੇਵਾਰੀ ਕਬੂਲ ਕਰਨੀ ਪਵੇਗੀ।

ਇਹ ਵੀ ਪੜ੍ਹੋ