ਪੰਜਾਬ ਵਿਧਾਨ ਸਭਾ ਦਾ ਸਿੱਧਾ ਪ੍ਰਸਾਰਣ - ਹਾਈ ਕੋਰਟ ਨੇ ਮੰਗਿਆ ਜਵਾਬ, ਸਰਕਾਰ ਸਮੇਤ ਕਈ ਅਫ਼ਸਰਾਂ ਨੂੰ ਨੋਟਿਸ ਜਾਰੀ 

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਦੋਸ਼ ਹੈ ਕਿ ਵਿਧਾਨ ਸਭਾ ਸ਼ੈਸ਼ਨ ਦੌਰਾਨ ਕੇਵਲ ਸੱਤਾਧਾਰੀ ਆਗੂਆਂ ਨੂੰ ਹੀ ਦਿਖਾਇਆ ਜਾਂਦਾ ਹੈ। ਵਿਰੋਧੀ ਧਿਰ ਨੂੰ ਨਜ਼ਰਅੰਦਾਜ ਕਰਕੇ ਬਰਾਬਰੀ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। 

Share:

ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸਾਰਣ ਦੌਰਾਨ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾ ਦਿਖਾਉਣ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਬਾਜਵਾ ਨੇ ਆਪਣੀ ਪਟੀਸ਼ਨ 'ਚ ਡਾਇਰੈਕਟਰ ਪਬਲਿਕ ਰਿਲੇਸ਼ਨ ਨੂੰ ਧਿਰ ਬਣਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਹਾਈ ਕੋਰਟ ਨੇ ਪ੍ਰਸਾਰਣ ਸਬੰਧੀ ਜਾਣਕਾਰੀ ਲਈ 

ਬਾਜਵਾ ਨੇ ਆਪਣੀ ਪਟੀਸ਼ਨ 'ਚ ਦੋਸ਼ ਲਾਇਆ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਟੀਵੀ ਪ੍ਰਸਾਰਣ 'ਚ ਸੱਤਾਧਾਰੀ ਪਾਰਟੀ ਦੇ ਨੇਤਾਵਾਂ ਨੂੰ ਹੀ ਦਿਖਾਇਆ ਜਾ ਰਿਹਾ ਹੈ ਪਰ ਜਦੋਂ ਵਿਰੋਧੀ ਧਿਰ ਦੇ ਨੇਤਾ ਬੋਲਦੇ ਹਨ ਤਾਂ ਉਨ੍ਹਾਂ ਨੂੰ ਬਿਲਕੁਲ ਵੀ ਨਹੀਂ ਦਿਖਾਇਆ ਜਾਂਦਾ। ਇਸ ਲਈ ਬਾਜਵਾ ਨੇ ਮੰਗ ਕੀਤੀ ਹੈ ਕਿ ਹਰ ਕਿਸੇ ਨੂੰ ਬਰਾਬਰੀ ਦੇ ਸੰਵਿਧਾਨਕ ਅਧਿਕਾਰ ਤਹਿਤ ਪ੍ਰਸਾਰਣ ਵਿੱਚ ਦਿਖਾਇਆ ਜਾਵੇ। ਦੱਸ ਦਈਏ ਕਿ ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਬਾਜਵਾ ਦੇ ਵਕੀਲ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਸੀ ਕਿ ਇਹ ਪ੍ਰਸਾਰਣ ਕਿਵੇਂ ਹੁੰਦਾ ਹੈ। ਜਿਸਦੇ ਚੱਲਦਿਆਂ ਸੋਮਵਾਰ ਨੂੰ ਬਾਜਵਾ ਦੇ ਵਕੀਲ ਨੇ ਇਸ ਬਾਰੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ ਹਾਈਕੋਰਟ ਵੱਲੋਂ ਜਵਾਬ ਮੰਗਿਆ ਗਿਆ। 

ਇਹ ਵੀ ਪੜ੍ਹੋ