ਵਿਸ਼ਵ ਪੱਧਰ ਤੇ ਮਾਨ ਸਰਕਾਰ ਦੇ ਆਮ ਆਦਮੀ ਕਲੀਨਿਕਾਂ ਦੀ ਹੋਈ ਬੱਲੇ-ਬੱਲੇ

ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਵਿੱਚ ਪਹਿਲਾ ਇਨਾਮ ਜਿੱਤਿਆ। 

Share:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਦੀ ਵਿਸ਼ਵ ਪੱਧਰ ਤੇ ਬੱਲੇ-ਬੱਲੇ ਹੋ ਗਈ ਹੈ। ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਵਿੱਚ ਪਹਿਲਾ ਇਨਾਮ ਜਿੱਤਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ‘ਹਰ ਵਿਅਕਤੀ ਲਈ ਦਵਾਈਆਂ ਤੱਕ ਪਹੁੰਚ, ਪੰਜਾਬ ਤੋਂ ਇੱਕ ਅਧਿਐਨ’ ਵਿਸ਼ੇ ਅਧੀਨ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ 85 ਦੇਸ਼ਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਿਮ ਪੇਸ਼ਕਾਰੀ ਲਈ ਚੁਣਿਆ ਗਿਆ। ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਸੁਣਾਉਂਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸਹੂਲਤਾਂ ਦਾ ਤੇਜ਼ੀ ਨਾਲ ਵਿਸਤਾਰ ਕੀਤਾ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ।

ਕਈ ਦੇਸ਼ਾਂ ਨੇ ਆਮ ਆਦਮੀ ਕਲੀਨਿਕ ਦੇਖਣ ਲਈ ਪੰਜਾਬ ਆਉਣ ਦੀ ਪ੍ਰਗਟਾਈ ਇੱਛਾ 

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਭਾਗ ਲੈਣ ਵਾਲੇ ਦੇਸ਼ਾਂ ਨੇ ਆਮ ਆਦਮੀ ਕਲੀਨਿਕ ਨੂੰ ਦੇਖਣ ਲਈ ਪੰਜਾਬ ਆਉਣ ਦੀ ਇੱਛਾ ਪ੍ਰਗਟਾਈ ਹੈ ਅਤੇ ਇਹ ਸਮਝਣਾ ਚਾਹੁੰਦੇ ਹਨ ਕਿ ਕਿਸ ਤਰ੍ਹਾਂ 84 ਦਵਾਈਆਂ ਅਤੇ 40 ਕਲੀਨਿਕਲ ਟੈਸਟ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਨਾਂ ਕਿਸੇ ਕੀਮਤ ਦੇ ਮੁਹੱਈਆ ਕਰਵਾਏ ਜਾਂਦੇ ਹਨ। ਮਾਨ ਨੇ ਕਿਹਾ ਕਿ ਸਟੇਕਹੋਲਡਰ ਇਸ ਤੱਥ ਤੋਂ ਵੀ ਹੈਰਾਨ ਹਨ ਕਿ ਸਾਰੇ ਆਮ ਆਦਮੀ ਕਲੀਨਿਕ ਆਈਟੀ ਨਾਲ ਲੈਸ ਹਨ ਅਤੇ ਰਜਿਸਟ੍ਰੇਸ਼ਨ, ਡਾਕਟਰਾਂ ਦੀ ਸਲਾਹ, ਟੈਸਟ ਅਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਲਾਈਜ਼ਡ ਹਨ।

ਇਹ ਵੀ ਪੜ੍ਹੋ