ਪੰਜਾਬ 'ਚ ਬੇਅਦਬੀਆਂ ਰੋਕਣ ਲਈ ਠੀਕਰੀ ਪਹਿਰੇ ਲਗਾਉਣ ਦੇ ਹੁਕਮ 

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਵੱਖ-ਵੱਖ ਜ਼ਿਲ੍ਹਿਆਂ ਅੰਦਰ ਇਹੋ ਜਿਹੇ ਹੁਕਮ ਜਾਰੀ ਕੀਤੇ ਗਏ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ। 

Courtesy: ਡੀ.ਸੀ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ

Share:

ਜਿੱਥੇ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਉਥੇ ਹੀ ਹੁਣ ਧਾਰਮਿਕ ਕਮੇਟੀਆਂ ਨੂੰ ਠੀਕਰੀ ਪਹਿਰੇ ਲਗਾਉਣ ਲਈ ਵੀ ਕਿਹਾ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਖਾਸ ਤੌਰ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ।
 

13 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ 

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਧਾਰਮਿਕ ਸਥਾਨਾਂ 'ਤੇ ਬੀਤੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਤਨਾਅ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤ ਵਿੱਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ। ਇਹ ਹੁਕਮ 13 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ