ਬਿਜਲੀ ਮੰਤਰੀ ਹਰਭਜਨ ਸਿੰਘ ਦਾ ਦਾਅਵਾ - ਮਾਨ ਸਰਕਾਰ ਨੇ 50 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ, ਸਿਫਾਰਸ਼ ਤੋਂ ਨੌਕਰੀਆਂ ਦਿੱਤੀਆਂ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਯੋਗਤਾ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਵਚਨਬੱਧ ਹੈ।  ਸੂਬਾ ਸਰਕਾਰ ਨੇ ਪਹਿਲੇ ਤਿੰਨ ਸਾਲਾਂ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ। 

Courtesy: ਕੈਬਨਿਟ ਮੰਤਰੀ ਹਰਭਜਨ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਇੱਕ ਯੂਨੀਵਰਸਿਟੀ ਦੇ ਸਮਾਗਮ 'ਚ ਪੁੱਜੇ।

Share:

ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ ਹੀ 50 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ, ਸਿਫਾਰਸ਼ ਤੋਂ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇੱਕ ਯੂਨੀਵਰਸਿਟੀ ਦੇ 12ਵੇਂ ਡਿਗਰੀ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਵੀ ਗਿਣਾਈਆਂ। 

ਸਰਕਾਰ ਨੇ ਲੋਕ ਭਲਾਈ ਲਈ ਫੈਸਲੇ ਲਏ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਇੱਕ ਅਜਿਹਾ ਮਾਹੌਲ ਸਿਰਜਿਆ ਹੈ ਜਿਸ ਨਾਲ ਨੌਜਵਾਨ ਵਰਗ ਅੰਦਰ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਘਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਹੁਣ ਨੌਜਵਾਨ ਪੰਜਾਬ ਅੰਦਰ ਰਹਿ ਕੇ ਹੀ ਰੋਜ਼ਗਾਰ ਹਾਸਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਜੋ ਫੈਸਲੇ ਕੀਤੇ ਹਨ ਉਹ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੇ ਗਏ। ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਬਾਦ ਵੀ ਦਿੱਤੀ। ਬਿਜਲੀ ਮੰਤਰੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਬਣਾਉਂਦੀਆਂ ਸਗੋਂ ਸਮਾਜ ਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ ਹੈ।

90 ਫੀਸਦੀ ਘਰਾਂ ਨੂੰ ਮੁਫਤ ਬਿਜਲੀ 

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ 90 ਫੀਸਦੀ ਘਰਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵਿੱਚ 6000 ਹੋਰ ਨੌਕਰੀਆਂ ਦੇਣ ਨੂੰ ਮਨਜੂਰੀ ਦਿੱਤੀ ਗਈ ਹੈ ਉਥੇ ਹੀ 14 ਹਜ਼ਾਰ ਕਰੋੜ ਨਾਲ ਮੁਲਾਜ਼ਮ ਵਰਗ ਦੇ ਪਿਛਲੇ ਲੰਮੇਂ ਸਮੇਂ ਤੋਂ ਲੰਬਿਤ ਚੱਲ ਰਹੇ ਬਕਾਇਆਂ ਦੀ ਅਦਾਇਗੀ ਕਰਨ ਨੂੰ ਵੀ ਮਨਜੂਰੀ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਤਿੰਨ ਲੱਖ ਮੁਲਾਜ਼ਮਾਂ ਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।   ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਫੈਸਲੇ ਲੈ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।


          

ਇਹ ਵੀ ਪੜ੍ਹੋ