ਪੰਜਾਬ ਦੇ ਟਰਾਂਸਪੋਰਟ ਮਹਿਕਮੇ ਨੇ 2 ਨਵੇਂ ਰੂਟਾਂ 'ਤੇ ਚਲਾਈਆਂ ਬੱਸਾਂ, ਮਿਲੇਗੀ ਵੱਡੀ ਰਾਹਤ

ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ।

Courtesy: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੱਸਾਂ ਨੂੰ ਹਰੀ ਝੰਡੀ ਦਿਖਾਈ

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ।

ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ 

ਉਹਨਾਂ ਕਿਹਾ ਕਿ ਹੁਣ ਰੋਜ਼ਾਨਾ ਸਵੇਰੇ 6.45 ਵਜੇ ਲਹਿਰਾ ਬੱਸ ਸਟੈਂਡ ਤੋਂ ਵਾਇਆ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਦੁਪਹਿਰ ਸਮੇਂ ਬੱਸ ਹੁਸ਼ਿਆਰਪੁਰ ਵਿਖੇ ਪੁੱਜੇਗੀ ਅਤੇ ਉਥੋਂ ਦੁਪਹਿਰ 2.37 ਵਜੇ ਲਹਿਰਾ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ 422 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਨਾਲ ਯਾਤਰੀ ਵੱਡੀ ਰਾਹਤ ਮਹਿਸੂਸ ਕਰਨਗੇ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੂਜੀ ਬੱਸ ਸੇਵਾ ਮੂਨਕ ਤੋਂ ਖਨੌਰੀ ਦੇ ਯਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਇਸ ਰੂਟ ਉਤੇ ਸਰਕਾਰੀ ਬੱਸ ਸੇਵਾ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਹ ਸਮੱਸਿਆ ਸਥਾਈ ਤੌਰ ਉੱਤੇ ਹੱਲ ਕਰ ਦਿੱਤੀ ਗਈ ਹੈ।

ਸੀਐਮ ਤੇ ਟਰਾਂਸਪੋਰਟ ਮੰੰਤਰੀ ਦਾ ਧੰਨਵਾਦ ਕੀਤਾ 

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿਹੜੇ ਪਿੰਡਾਂ ਵਿੱਚ ਬੱਸ ਸੇਵਾਵਾਂ ਸਮੇਤ ਲੋਕਾਂ ਦੀਆਂ ਹੋਰ ਮੰਗਾਂ ਦੀ ਅਣਦੇਖੀ ਕੀਤੀ ਸੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਸਾਰੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਅੱਜ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਪੱਖੋਂ ਕੋਈ ਕਮੀ ਨਹੀਂ ਹੈ।

 

ਇਹ ਵੀ ਪੜ੍ਹੋ