ਪੰਜਾਬੀ ਗਾਇਕ ਮਨਪ੍ਰੀਤ ਸਿੰਗਾ ਨੂੰ ਮਿਲੀ ਧਮਕੀ,10 ਲੱਖ ਰੁਪਏ ਦੀ ਮੰਗ,ਜਾਣੋ ਪੂਰਾ ਮਾਮਲਾ

ਗਾਇਕ ਸਿੰਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਸਾਫ਼ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਕਿਹਾ ਹੈ ਕਿ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।

Share:

ਹਾਈਲਾਈਟਸ

  • ਪੈਸੇ ਨਾ ਦੇਣ 'ਤੇ ਸਟੇਜ ਤੋਂ ਚੁੱਕੇ ਕੇ ਲੈ ਜਾਣ ਦੀਆਂ ਧਮਕੀਆਂ ਦਿੱਤੀਆਂ ਗਈਆਂ

ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਨੇ ਵੱਡਾ ਇਲਜ਼ਾਮ ਲਾਇਆ ਹੈ। ਉਸ ਨੇ ਲਾਈਵ ਹੋ ਕੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਉਸ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਅਤੇ ਅਜਨਾਲਾ ਵਿੱਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ, ਜਿਸਨੂੰ ਰਫਾ-ਦਫਾ ਕਰਨ ਲਈ ਉਸ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪੈਸੇ ਨਾ ਦੇਣ 'ਤੇ ਸਟੇਜ ਤੋਂ ਚੁੱਕੇ ਕੇ ਲੈ ਜਾਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਕਿਹਾ ਹੈ ਕਿ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੰਗਾ ਦਾ ਨਵਾਂ ਗੀਤ ਸਟਿਲ ਲਾਈਵ ਲਾਂਚ ਹੋਇਆ ਸੀ। ਭੀਮ ਰਾਓ ਯੁਵਾ ਬਲ ਦੇ ਮੁਖੀ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਥਾਣਾ ਸਿਟੀ ਕਪੂਰਥਲਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੀਤ ਵਿਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸ਼ਲੀਲਤਾ ਫੈਲਾਈ ਗਈ ਹੈ | ਸ਼ਿਕਾਇਤ ਤੇ ਪੁਲਿਸ ਨੇ ਗਾਇਕ ਸਿੰਗਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਧਾਰਾ 294 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਸੀ।

 

ਬਲੈਕਮੇਲ ਕਰਨ ਵਾਲਿਆਂ ਖਿਲਾਫ ਕੀਤੀ ਜਾਵੇ ਕਾਰਵਾਈ

ਸਿੰਗਾ ਨੇ ਇਲਜ਼ਾਮ ਲਾਇਆ ਹੈ ਕਿ ਉਸਦਾ ਪਿਤਾ ਕਦੇ ਇਸ ਥਾਣੇ ਅਤੇ ਕਦੇ ਉਸ ਥਾਣੇ ਵਿੱਚ ਚੱਕਰ ਕੱਟ ਰਿਹਾ ਹੈ। ਚਾਰ ਮਹੀਨਿਆਂ ਤੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਨਹੀਂ ਹੋ ਰਹੀ, ਜਿਸ ਕਾਰਨ ਉਹ ਆਪਣਾ ਪੱਖ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਆਪਣੇ ਪਰਿਵਾਰ ਦੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਸਕਦਾ, ਇਸ ਲਈ ਉਹ ਲਾਈਵ ਹੋ ਰਿਹਾ ਹੈ। ਉਸ ਨੇ ਕਿਹਾ ਕਿ ਉਸ ਕੋਲ ਸਾਰੇ ਸਬੂਤ ਹਨ ਅਤੇ ਜੇਕਰ ਉਸ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਈ-ਮੇਲ 21 ਲੋਕਾਂ ਦੇ ਨਾਂ 'ਤੇ ਹੈ, ਜੋ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਜੇਕਰ ਉਨ੍ਹਾਂ ਨੇ ਕੋਈ ਗਲਤੀ ਕੀਤੀ ਹੈ ਤਾਂ ਉਨ੍ਹਾਂ ਨੂੰ ਸਜ਼ਾ ਦਿਓ, ਪਰ ਅਜਿਹਾ ਬਲੈਕਮੇਲ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

 

ਪੈਸੇ ਕਿਸ ਨੇ ਮੰਗੇ ਇਹ ਸਸਪੈਂਸ ਛੱਡਿਆ

ਲਾਈਵ ਹੁੰਦੇ ਹੋਏ ਗਾਇਕ ਮਨਪ੍ਰੀਤ ਸਿੰਘ ਨੇ ਇਸ ਗੱਲ ਨੂੰ ਸਸਪੈਂਸ 'ਚ ਰੱਖਿਆ ਕਿ ਉਸ ਤੋਂ ਪੈਸਿਆਂ ਦੀ ਮੰਗ ਪੁਲਿਸ ਨੇ ਕੀਤੀ ਜਾਂ ਸ਼ਿਕਾਇਤਕਰਤਾ ਨੇ, ਜੋ ਕਿ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਐਸਐਸਪੀ ਵਤਸਲਾ ਗੁਪਤਾ ਨੇ ਕਿਹਾ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਹ ਲਾਈਵ ਵੀਡੀਓ ਦੇਖ ਕੇ ਮਾਮਲੇ ਦੀ ਪੁਸ਼ਟੀ ਕਰੇਗੀ। ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ