SGPC ਨਾਲ ਰਾਜੋਆਣਾ ਨਾਰਾਜ਼ ! ਭੁੱਖ ਹੜਤਾਲ ਦਾ ਐਲਾਨ 

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਨਾਰਾਜ਼ ਲੱਗ ਰਹੇ ਹਨ। ਆਪਣੀ ਨਾਰਾਜ਼ਗੀ ਨੂੰ ਚਿੱਠੀ ਰਾਹੀਂ ਜ਼ਾਹਿਰ ਕਰਦੇ ਹੋਏ ਰਾਜੋਆਣਾ ਨੇ ਐਲਾਨ ਕੀਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਉਹਨਾਂ ਦੀ ਮੰਗ 7 ਤੋਂ 10 ਦਿਨਾਂ ਦੌਰਾਨ ਨਾ […]

Share:

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਨਾਰਾਜ਼ ਲੱਗ ਰਹੇ ਹਨ। ਆਪਣੀ ਨਾਰਾਜ਼ਗੀ ਨੂੰ ਚਿੱਠੀ ਰਾਹੀਂ ਜ਼ਾਹਿਰ ਕਰਦੇ ਹੋਏ ਰਾਜੋਆਣਾ ਨੇ ਐਲਾਨ ਕੀਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਉਹਨਾਂ ਦੀ ਮੰਗ 7 ਤੋਂ 10 ਦਿਨਾਂ ਦੌਰਾਨ ਨਾ ਮੰਨੀ ਤਾਂ ਉਹ ਜੇਲ੍ਹ ਅੰਦਰ ਭੁੱਖ ਹੜਤਾਲ ਸ਼ੁਰੂ ਕਰਨਗੇ। ਰਾਜੋਆਣਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਭੁੱਖ ਹੜਤਾਲ ਤੇ ਬੈਠਣ ਦੀ ਧਮਕੀ ਦਿੱਤੀ ਹੈ। ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਈ ਨੂੰ ਲੈ ਕੇ ਰਾਸ਼ਟਰਪਤੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਉਹ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਗੇ। 

ਕੁੱਝ ਦਿਨ ਪਹਿਲਾਂ ਵੀ ਲਿਖੀ ਸੀ ਚਿੱਠੀ 

ਕੁੱਝ ਦਿਨ ਪਹਿਲਾਂ ਵੀ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਚੋਂ ਚਿੱਠੀ ਭੇਜ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਇਹ ਮੰਗ ਕੀਤੀ ਸੀ। ਇਹ ਚਿੱਠੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪੀ ਸੀ। ਚਿੱਠੀ ‘ਚ ਲਿਖਿਆ ਸੀ ਕਿ  ਕੇਂਦਰ ਸਰਕਾਰ ਵੱਲੋਂ ਪਿਛਲੇ 12 ਸਾਲਾਂ ਤੋਂ ਜਾਣਬੁੱਝ ਕੇ ਉਹਨਾਂ ਦੀ ਜ਼ਮਾਨਤ ਪਟੀਸ਼ਨ ਨਾਲ ਸਬੰਧਤ ਅਪੀਲ ‘ਤੇ ਫੈਸਲਾ ਨਹੀਂ ਲਿਆ ਜਾ ਰਿਹਾ। ਇਹ ਇੱਕ ਬਹੁਤ ਵੱਡੀ ਬੇਇਨਸਾਫੀ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੁਕਮ ਦਿੱਤੇ ਜਾਣ ਕਿ ਇਹ ਅਪੀਲ ਵਾਪਸ ਲੈ ਲਈ ਜਾਵੇ। ਇਸ ਉਪਰੰਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਰਾਜੋਆਣਾ ਦੀ ਭੈਣ ਨੂੰ ਭਰੋਸਾ ਦਿੱਤਾ ਸੀ ਕਿ ਉਹ ਛੇਤੀ ਹੀ ਜੇਲ੍ਹ ਅੰਦਰ ਜਾ ਕੇ ਰਾਜੋਆਣਾ ਦੇ ਨਾਲ ਮੁਲਾਕਾਤ ਕਰਨਗੇ।  

ਇਸ ਮਾਮਲੇ ‘ਚ ਸਜ਼ਾ ਕੱਟ ਰਹੇ ਰਾਜੋਆਣਾ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ 13 ਮਾਰਚ 2012 ਨੂੰ ਚੰਡੀਗੜ੍ਹ ਦੀ ਸ਼ੈਸਨ ਕੋਰਟ ਨੇ ਡੈੱਥ ਵਾਰੰਟ ਜਾਰੀ ਕਰਕੇ ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਤੇ ਲਟਕਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਇਸ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕਰਕੇ ਇਸ ਮਸਲੇ ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਕੇ ਹੱਲ ਕਰਨ ਲਈ ਕਿਹਾ ਸੀ। ਇਸ ਆਦੇਸ਼ ਦੀ ਪਾਲਣਾ ਕਰਦੇ ਹੋਏ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ  ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਰਾਸ਼ਟਰਪਤੀ ਕੋਲ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਉਸ ਸਮੇਂ ਦੇ ਰਾਸ਼ਟਰਪਤੀ ਨੇ ਇਸ ਅਪੀਲ ਨੂੰ ਅਗਲੀ ਕਾਰਵਾਈ ਲਈ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ ਸੀ। ਜਿਸ ਤੇ ਕਾਰਵਾਈ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ 28 ਮਾਰਚ 2012 ਨੂੰ  ਫਾਂਸੀ ਦੀ ਸਜ਼ਾ ਤੇ ਰੋਕ ਲਗਾ ਦਿੱਤੀ ਸੀ। ਫਿਰ 7 ਸਾਲਾਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ 2019 ਵਿੱਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਤੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਐਲਾਨ ਕਰ ਦਿੱਤਾ ਸੀ।  ਇਹ ਐਲਾਨ 4 ਸਾਲਾਂ ਬਾਅਦ ਵੀ ਲਾਗੂ ਨਹੀਂ ਹੋ ਸਕਿਆ। ਪਿਛਲੇ  28 ਸਾਲਾਂ ਤੋਂ ਰਾਜੋਆਣਾ ਜੇਲ੍ਹ ‘ਚ ਹਨ।