ਸ਼੍ਰੋਮਣੀ ਕਮੇਟੀ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਸਿੱਖਾਂ ਦੀਆਂ ਅਹਿਮ ਮੰਗਾਂ ਰੱਖੀਆਂ

ਪਾਕਿਸਤਾਨ 'ਚ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨਾਂ ਲਈ ਸਿੱਖ ਸੰਗਤ ਨੂੰ ਵੀਜ਼ਾ ਲੈਣ ਲਈ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਤਾਰੀਕਾਂ ਦਾ ਮੇਲ ਨਾ ਹੋਣ ਕਰਕੇ ਵੀ ਵੀਜ਼ਾ ਨਹੀਂ ਮਿਲਦਾ। ਇਹ ਸਾਰੀਆਂ ਸਮੱਸਿਆਵਾਂ ਹਾਈ ਕਮਿਸ਼ਨਰ ਦੇ ਅੱਗੇ ਰੱਖੀਆਂ ਗਈਆਂ। 

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਵਫ਼ਦ ਨੇ ਅੱਜ ਦਿੱਲੀ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ ਵੀਜ਼ੇ ਜਾਰੀ ਕਰਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜੱਥਾ ਭੇਜਣ ਦੀ ਮੰਗ ਕੀਤੀ ਗਈ। ਵਫ਼ਦ 'ਚ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਅਤੇ ਮੀਟਿੰਗ ਸਕੱਤਰ ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ। 

ਵੀਜ਼ਾ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਕੀਤੀ ਮੰਗ 

ਵਫ਼ਦ ਦੇ ਮੈਂਬਰਾਂ ਕੁਲਵੰਤ ਸਿੰਘ ਮੰਨਣ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸਿੱਖ ਸ਼ਰਧਾਲੂਆਂ ਦੀ ਸੂਚੀ ਵਿੱਚੋਂ ਵੱਡੀ ਗਿਣਤੀ ਵਿੱਚ ਨਾਮ ਕੱਟੇ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਵੀਜ਼ਾ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ। ਵਫ਼ਦ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਰ ਸਾਲ ਖਾਲਸਾ ਸਾਜਨਾ ਦਿਵਸ (ਵਿਸਾਖੀ), ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜੱਥੇ ਭੇਜਦੀ ਹੈ। ਇਸ ਲਈ ਪੰਜਾਬ ਰਾਜ ਨੂੰ ਕ੍ਰਮਵਾਰ 1800, 600, 300 ਅਤੇ 1800 ਵੀਜ਼ੇ ਦਾ ਕੋਟਾ ਅਲਾਟ ਕੀਤਾ ਗਿਆ ਹੈ।

ਨਾਨਕਸ਼ਾਹੀ ਕੈਲੰਡਰ ਅਨੁਸਾਰ ਦੇਖੀਆਂ ਜਾਣ ਤਾਰੀਕਾਂ 

ਵਫ਼ਦ ਨੇ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ 30 ਮਈ 2025 (ਜੇਸ਼ਠ ਸੁਦੀ 4) ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦਿਨ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ। ਵਫ਼ਦ ਨੇ ਹਾਈ ਕਮਿਸ਼ਨਰ ਨੂੰ ਦੱਸਿਆ ਕਿ 2012 ਤੋਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਜੱਥਾ ਨਹੀਂ ਭੇਜਿਆ ਜਾ ਸਕਿਆ, ਕਿਉਂਕਿ ਤਾਰੀਕਾਂ ਵਿੱਚ ਅੰਤਰ ਹੋਣ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਵੀਜ਼ਾ ਜਾਰੀ ਕਰਨ ਤੋਂ ਇਨਕਾਰ ਕਰ ਦਿੰਦਾ ਹੈ।  ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨੂੰ ਕੀਤੀ।  

ਇਹ ਵੀ ਪੜ੍ਹੋ