ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਉਣ ਲਗੀ ਕਮੀ, 28.8 ਫੀਸਦੀ ਦੀ ਵੱਡੀ ਗਿਰਾਵਟ 

ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀ/ਐਸਐਸਪੀ ਅਤੇ ਸਟੇਸ਼ਨ ਹਾਉਸ ਅਫਸਰਾਂ (ਐਸਐਚਓ) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Share:

ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਸੂਬੇ ਵਿੱਚ ਕੁੱਲ 634 ਮਾਮਲੇ ਸਾਹਮਣੇ ਆਏ, ਜੋ ਕਿ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਹਨ। ਇਹ ਦਾਅਵਾ ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ ਹੈ। ਇਹ ਲਗਾਤਾਰ ਤੀਜਾ ਦਿਨ ਹੈ, ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ 740 ਅਤੇ 637 ਖੇਤਾਂ ਵਿੱਚ ਪਰਾਲੀ ਸਾੜੀ ਗਈ। ਵਰਨਣਯੋਗ ਹੈ ਕਿ ਪਰਾਲੀ ਸਾੜਨ 'ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਕਈਆਂ ਦੇ ਐਸਐਸਪੀਜ਼ ਨੂੰ ਵੀ ਜਾਰੀ ਕੀਤੇ ਗਏ ਹਨ।
 
ਹੁਣ ਤੱਕ 1084 ਐਫਆਈਆਰ ਦਰਜ, 1.87 ਕਰੋੜ ਜੁਰਮਾਨਾ 

ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ