ਹਾਲੇ ਜੇਲ੍ਹ 'ਚ ਹੀ ਰਹਿਣਗੇ ਸੁਖਪਾਲ ਖਹਿਰਾ, ਅਗਲੀ ਸੁਣਵਾਈ 17 ਨਵੰਬਰ ਨੂੰ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ ਸੀ। ਅਦਾਲਤ ਨੇ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ। ਅਗਲੀ ਸੁਣਵਾਈ ਲਈ 17 ਨਵੰਬਰ ਤਾਰੀਕ ਤੈਅ ਕੀਤੀ ਗਈ।

Share:

ਹਾਈਲਾਈਟਸ

  • ਸੁਖਪਾਲ ਖਹਿਰਾ
  • ਦਸਤਾਵੇਜ

ਕਪੂਰਥਲਾ ਦੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਹਾਲੇ ਜੇਲ੍ਹ 'ਚ ਹੀ ਰਹਿਣਗੇ। ਉਹਨਾਂ  ਨੂੰ ਅੱਜ ਵੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਦੀ ਅਗਲੀ ਸੁਣਵਾਈ 17 ਨਵੰਬਰ ਤੱਕ ਮੁਲਤਵੀ ਕਰ ਦਿੱਤੀ। ਦੱਸ ਦਈਏ ਕਿ ਪਿਛਲੀ ਤਾਰੀਕ ਨੂੰ ਸਰਕਾਰੀ ਵਕੀਲ ਨੇ ਇਹ ਕਹਿ ਕੇ ਸਮਾਂ ਮੰਗਿਆ ਸੀ ਕਿ ਕੇਸ ਸਬੰਧੀ ਜ਼ਰੂਰੀ ਤੇ ਅਹਿਮ ਦਸਤਾਵੇਜ਼ ਮਿਲੇ ਹਨ। ਇਸ ਉਪਰੰਤ 14 ਨਵੰਬਰ ਨੂੰ ਸੁਣਵਾਈ ਰੱਖੀ ਗਈ ਸੀ। ਅੱਜ ਅਦਾਲਤ ਨੇ ਇਸ ਉਪਰ ਕੋਈ ਫੈਸਲਾ ਨਹੀਂ ਦਿੱਤਾ। 

ਖਹਿਰਾ ਦੇ ਪੁੱਤ ਨੇ ਦਿੱਤੀ ਜਾਣਕਾਰੀ 

ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਦੱਸਿਆ ਕਿ ਅੱਜ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਦੋ ਘੰਟੇ ਬਹਿਸ ਹੋਈ। ਜਿਸਤੋਂ ਬਾਅਦ ਸਬੰਧਤ ਦਸਤਾਵੇਜ਼ ਦਾਖ਼ਲ ਕਰਨ ਲਈ 17 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ। ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਇਸਦੇ ਨਾਲ ਹੀ ਖਹਿਰਾ ਨੇ ਹਾਈਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਕਿਹਾ ਹੈ ਕਿ ਸਰਕਾਰ ਉਸ ਵਿਰੁੱਧ ਨਵਾਂ ਕੇਸ ਦਰਜ ਕਰ ਸਕਦੀ ਹੈ। ਇਸ ਲਈ  ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਜੇਕਰ ਉਸ ਖ਼ਿਲਾਫ਼ ਕੋਈ ਨਵਾਂ ਕੇਸ ਦਰਜ ਹੁੰਦਾ ਹੈ ਤਾਂ ਉਸ ’ਤੇ ਕੋਈ ਕਾਰਵਾਈ ਨਾ ਕੀਤੀ ਜਾਵੇ।

ਚੰਡੀਗੜ੍ਹ ਤੋਂ ਹੋਈ ਸੀ ਗ੍ਰਿਫ਼ਤਾਰੀ


ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਸਾਲ 2015 ਦੇ ਐਨਡੀਪੀਐਸ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਇਸ ਗ੍ਰਿਫਤਾਰੀ ਨੂੰ ਸਿਆਸੀ ਬਦਲਾ ਦੱਸਿਆ ਸੀ। ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫਤਾਰੀ ਤੋਂ ਪਹਿਲਾਂ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ 'ਚ ਜੰਗਲ ਰਾਜ ਅਤੇ ਬਦਲਾ ਖੋਰੀ ਦਾ ਰਾਜ ਚੱਲ ਰਿਹਾ ਹੈ। ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਾ ਸੀ, ਇਸ ਲਈ ਉਸਦੇ ਖਿਲਾਫ ਇਹ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ