ਹੋਸਟਲ 'ਚ ਪੱਖੇ ਨਾਲ ਲਟਕਦੀ ਮਿਲੀ ਵਿਦਿਆਰਥਣ ਦੀ ਲਾਸ਼, ਜਾਣੋ ਪੂਰਾ ਮਾਮਲਾ 

ਮ੍ਰਿਤਕ ਲੜਕੀ ਦੀ ਉਮਰ 19 ਸਾਲ ਸੀ। ਉਹ ਹਰਿਆਣਾ ਦੇ ਜਿਲ੍ਹਾ ਸਿਰਸਾ ਦੀ ਰਹਿਣ ਵਾਲੀ ਸੀ। ਪਿਛਲੇ 2 ਸਾਲਾਂ ਤੋਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਪੜ੍ਹਾਈ ਕਰਦੀ ਸੀ। 

Share:

ਬਠਿੰਡਾ ਦੇ ਤਲਵੰਡੀ ਸਾਬੋ ਸਥਿਤ ਅਕਾਲ ਯੂਨੀਵਰਸਿਟੀ ਵਿੱਚ ਬੀਐੱਸਸੀ ਨਾਨ-ਮੈਡੀਕਲ ਦੂਜੇ ਸਾਲ ਦੀ 19 ਸਾਲਾ ਵਿਦਿਆਰਥਣ ਦੀ ਲਾਸ਼  ਹੋਸਟਲ ਦੇ ਕਮਰੇ ਵਿੱਚ ਲਟਕਦੀ ਮਿਲੀ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ੀ ਵਾਸੀ ਪਿੰਡ ਡਿੰਗ ਜ਼ਿਲ੍ਹਾ ਸਿਰਸਾ ਹਰਿਆਣਾ ਵਜੋਂ ਹੋਈ। ਉਹ ਪਿਛਲੇ ਦੋ ਸਾਲਾਂ ਤੋਂ ਯੂਨੀਵਰਸਿਟੀ ਵਿਖੇ ਪੜ੍ਹਾਈ ਕਰ ਰਹੀ ਸੀ। ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਨਾ ਹੀ ਯੂਨੀਵਰਸਿਟੀ ਅਤੇ ਹੋਸਟਲ ਦੇ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਕਹਿਣ ਨੂੰ ਤਿਆਰ ਹਨ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਪੁਲਿਸ 

ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ  ਅਕਾਲ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਵਿੱਚ ਬੀਐੱਸਸੀ ਨਾਨ-ਮੈਡੀਕਲ ਦੇ ਦੂਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਖੁਸ਼ੀ ਨੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਸਦੇ ਨਾਲ ਪੜ੍ਹਦੀਆਂ ਹੋਰ ਵਿਦਿਆਰਥਣਾਂ ਹੋਸਟਲ ਦੇ ਕਮਰੇ ’ਚ ਪਹੁੰਚੀਆਂ ਤਾਂ ਦੇਖਿਆ ਕਿ ਖੁਸ਼ੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸਤੋਂ ਬਾਅਦ ਮਾਮਲੇ ਦੀ ਜਾਣਕਾਰੀ ਹੋਸਟਲ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਨੂੰ ਦਿੱਤੀ ਗਈ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਵਿਦਿਆਰਥਣ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਇਸ ਕਾਰਨ ਪੀੜਤਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਪਹੁੰਚਾਇਆ। 

 

ਇਹ ਵੀ ਪੜ੍ਹੋ