ਜਦੋਂ ਡੀਸੀ ਨੇ ਖੁਦ ਬੁਝਾਈ ਪਰਾਲੀ ਨੂੰ ਲਾਈ ਅੱਗ.....

ਡੀਸੀ ਸ਼ੌਕਤ ਅਹਿਮਦ ਪਰੇ ਪਰਾਲੀ ਸਾੜਨ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪਿੰਡਾਂ ਦਾ ਦੌਰਾ ਕਰ ਰਹੇ ਸੀ। ਉਹਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।

Share:

ਹਾਈਲਾਈਟਸ

  • ਸ਼ੌਕਤ ਅਹਿਮਦ ਪਰੇ
ਪੰਜਾਬ ਅੰਦਰ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹਾਲਾਂਕਿ ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਪ੍ਰੰਤੂ ਫਿਰ ਵੀ ਮਾਮਲੇ ਘਟ ਨਹੀਂ ਰਹੇ। ਹੁਣ ਤਾਂ ਅਫ਼ਸਰ ਖੁਦ ਵੀ ਉਪਰਾਲੇ ਕਰਕੇ ਮਿਸਾਲ ਪੇਸ਼ ਕਰ ਰਹੇ ਹਨ ਤਾਂਕਿ ਕਿਸਾਨ ਜਾਗਰੂਕ ਹੋ ਜਾਣ। ਬਠਿੰਡਾ 'ਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਕ ਥਾਂ 'ਤੇ ਲੱਗੀ ਪਰਾਲੀ ਨੂੰ ਅੱਗ ਖੁਦ ਬੁਝਾਈ। ਉਹ ਜਿਲ੍ਹੇ ਦੇ ਗਿੱਲਪੱਤੀ, ਭੋਖੜਾ, ਖਿਆਲੀਵਾਲਾ, ਗੋਬਿੰਦਪੁਰਾ, ਹਰਰਾਏਪੁਰ, ਢਿਪਾਲੀ, ਅਤੇ ਪਿੰਡ ਬੀਬੀਵਾਲਾ ਆਦਿ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਸੀ। ਇਸ ਦੌਰਾਨ ਉਨ੍ਹਾਂ ਜਿੱਥੇ ਕਈ ਪਿੰਡਾਂ ਵਿੱਚ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਵੱਲੋਂ ਲਗਾਈ ਗਈ ਪਰਾਲੀ ਦੀ ਅੱਗ ਨੂੰ ਬੁਝਾਇਆ, ਉਥੇ ਹੀ  ਕਿਸਾਨਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਦਾ ਵਾਸਤਾ ਪਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਦੁਰਪ੍ਰਭਾਵਾਂ ਬਾਰੇ ਜਾਣੂੰ ਕਰਵਾਉਂਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਵੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਰਾ ਸੋਚਣ ਕਿ ਜੇ ਅਸੀਂ ਧਰਤੀ/ਜ਼ਮੀਨ ਨੂੰ ਆਪਣੀ ਮਾਂ ਸਮਝਦੇ ਹਾਂ ਤਾਂ ਫ਼ਿਰ ਅਸੀਂ ਧਰਤੀ ਦੀ ਹਿੱਕ ਸਾੜਨ ਵਾਲੇ ਉਹਦੇ ਕੀ ਲੱਗਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲੇ ਪ੍ਰਦੂਸ਼ਣ ਕਾਰਨ ਅਸੀਂ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕੀਤੇ ਗਏ ਦੌਰੇ ਦੌਰਾਨ ਜ਼ਿਲ੍ਹੇ ਦੇ ਪਿੰਡ ਖਿਆਲੀਵਾਲਾ ਵਿਖੇ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੌਕੇ ਤੇ ਪਹੁੰਚਕੇ ਬੁਝਾਇਆ ਗਿਆ।
 
ਪਰਾਲੀ ਸਾੜਨ ਦੇ ਨੁਕਸਾਨ ਦੱਸੇ 
 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਤੇ ਉਸ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਉਂਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ, ਜਿਸ ਦੀ ਵਰਤੋਂ ਉਹ ਖੁਦ ਅਤੇ ਹੋਰਨਾਂ ਕਿਸਾਨਾਂ ਨੂੰ ਕਰਵਾਉਣੀ ਵੀ ਲਾਜ਼ਮੀ ਬਣਾਉਣ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਇਹ ਵੀ ਦੱਸਿਆ ਕਿ ਉਹ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ