ਰਾਜਪਾਲ ਨੇ ਸੀਐੱਮ ਭਗਵੰਤ ਨੂੰ ਲਿਖਿਆ ਪੱਤਰ, ਕਿਹਾ- ਸਜ਼ਾ ਮਿਲੇ ਮੰਤਰੀ ਵੱਲੋਂ ਝੰਡਾ ਲਹਿਰਾਉਣਾ ਗਲਤ

ਰਾਜਪਾਲ ਨੇ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਅਮਨ ਅਰੋੜਾ ਇੱਕ ਮੰਤਰੀ ਦੀ ਹੈਸੀਅਤ ਵਿੱਚ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ।

Share:

26 ਜਨਵਰੀ ਗਣਤੰਤਰ ਦਿਵਸ ਦੇ ਸਮਾਗਮ ਨੂੰ ਲੈਕੇ ਇੱਕ ਵਾਰ ਫਿਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਅਹੁਦੇ ਤੋਂ ਨਾ ਹਟਾਉਣ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅਮਨ ਅਰੋੜਾ ਨੂੰ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦਾ ਮੌਕਾ ਦੇਣ ਨੂੰ ਗਲਤ ਦੱਸਿਆ ਹੈ। ਇਸਦੇ ਨਾਲ ਹੀ ਰਾਜਪਾਲ ਨੇ ਮੁੱਖ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਹੈ।

 

ਸਜ਼ਾ ਦੇ ਬਾਵਜੂਦ ਮੰਤਰੀਪਦ ਤੇ ਅਮਨ ਅਰੋੜਾ

ਰਾਜਪਾਲ ਨੇ ਆਪਣੇ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 'ਚ ਲਿਲੀ ਥਾਮਸ ਮਾਮਲੇ 'ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਨ੍ਹਾਂ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ। ਰਾਜਪਾਲ ਨੇ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਅਮਨ ਅਰੋੜਾ ਇੱਕ ਮੰਤਰੀ ਦੀ ਹੈਸੀਅਤ ਵਿੱਚ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ।

 

ਇਸ ਮਾਮਲੇ ਵਿੱਚ ਮਿਲੀ ਸਜ਼ਾ

21 ਦਸੰਬਰ ਨੂੰ ਸੰਗਰੂਰ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ਤੇ ਦੋਸ਼ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ 'ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੰਗਰੂਰ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਸਜ਼ਾ ਸੁਣਾਈ ਸੀ। ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ।

 

ਪੜ੍ਹੋ ਰਾਜਪਾਲ ਨੇ ਆਪਣੇ ਪੱਤਰ 'ਚ ਕੀ ਲਿਖਿਆ...

ਰਾਜਪਾਲ ਬੀਐੱਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ 21 ਦਸੰਬਰ 2023 ਨੂੰ ਦੋ ਸਾਲ ਦੀ ਸਖ਼ਤ ਸਜ਼ਾ ਸੁਣਾਈ ਸੀ। ਹਾਈ ਕੋਰਟ ਜਾਂ ਕਿਸੇ ਉੱਚ ਅਦਾਲਤ ਨੇ ਅਜੇ ਤੱਕ ਇਸ ਸਜ਼ਾ 'ਤੇ ਰੋਕ ਨਹੀਂ ਲਗਾਈ ਹੈ। ਲਿਲੀ ਥਾਮਸ ਬਨਾਮ ਭਾਰਤ ਸਰਕਾਰ ਕੇਸ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ, ਜੇਕਰ ਕੋਈ ਹੇਠਲੀ ਅਦਾਲਤ ਕਿਸੇ ਵਿਧਾਇਕ ਜਾਂ ਸੰਸਦ ਮੈਂਬਰ ਨੂੰ ਦੋਸ਼ੀ ਪਾਉਂਦੀ ਹੈ ਅਤੇ ਉਸ ਨੂੰ ਘੱਟੋ-ਘੱਟ 2 ਸਾਲ ਦੀ ਸਜ਼ਾ ਸੁਣਾਉਂਦੀ ਹੈ ਤਾਂ ਉਸ ਦੀ ਸੰਸਦ ਜਾਂ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਂਦੀ ਹੈ। ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਅਜੇ ਰੱਦ ਨਹੀਂ ਹੋਈ ਹੈ।

 

ਇਹ ਵੀ ਪੜ੍ਹੋ